- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਚੰਦ ਸਿੰਘ ਬਰਸਟ ਨੇ ਸ਼ੇਰਮਾਜਰਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਅਧੀਨ ਪੈਂਦੇ ਖਰੀਦ ਕੇਂਦਰ ਸ਼ੇਰਮਾਜਰਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਬਰਸਟ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਉਪਰੰਤ ਉਨ੍ਹਾਂ ਅਨਾਜ ਮੰਡੀ ਡਕਾਲਾ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਪਲਬਧ ਸਹੂਲਤਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ। ਹੁਣ ਤੱਕ ਮੰਡੀਆਂ ਵਿੱਚ 14.86 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 13.90 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ 1,886 ਮੰਡੀਆਂ ਨੋਟੀਫਾਈ ਕਰਨ ਦੇ ਨਾਲ 93 ਆਰਜ਼ੀ ਖਰੀਦ ਕੇਂਦਰ ਵੀ ਬਣਾਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।