ਸਿਹਤ ਟੀਮਾਂ ਵੱਲੋਂ ਡੇਂਗੂ ਲਾਰਵੇ ਦੀ ਚੈਕਿੰਗ
ਸਿਹਤ ਟੀਮਾਂ ਵੱਲੋਂ ਡੇਂਗੂ ਲਾਰਵੇ ਦੀ ਚੈਕਿੰਗ
Publish Date: Fri, 21 Nov 2025 05:02 PM (IST)
Updated Date: Fri, 21 Nov 2025 05:04 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਟਿਆਲਾ ਦੇ ਡੇਂਗੂ ਹਾਟਸਪਾਟ ਏਰੀਏ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਣਾਂ ਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ। ਸਿਵਲ ਸਰਜਨ ਡਾ.ਸੰਜੇ ਕਾਮਰਾ ਨੇ ਆਖਿਆ ਕਿ ਪਟਿਆਲਾ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਡੇਂਗੂ ਦੇ ਇਲਾਜ ਸਬੰਧੀ ਪ੍ਰਬੰਧ ਮੁਕੰਮਲ ਹਨ ਤੇ ਲੋੜੀਂਦੀਆਂ ਹਰੇਕ ਤਰ੍ਹਾਂ ਦੀਆਂ ਦਵਾਈਆਂ ਮੌਜੂਦ ਹਨ ਤੇ ਸਾਰੇ ਇਲਾਕਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਚੌਕਸੀ ਨਾਲ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ ਮਹਿਸੂਸ ਹੁੰਦਾ ਹੈ ਤੇ ਸਾਰੇ ਸ਼ਰੀਰ ਵਿੱਚ ਦਰਦ ਹੁੰਦਾ ਹੈ ਤਾਂ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡੇਂਗੂ ਸਬੰਧੀ ਜਾਂਚ ਕਰਵਾਈ ਜਾਵੇ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 665 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਜਿਲ੍ਹੇ ਭਰ ਦੇ 39741 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 190 ਥਾਂਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 1164611 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 11145 ਥਾਵਾਂ ਤੇ ਮਿਲੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਆਖਿਆ ਕਿ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਤੋਂ ਬਚਣ ਲਈ ਦਿਨ ਦੇ ਸਮੇਂ ਜਾਲੀ ਵਾਲੇ ਖਿੜਕੀ ਦਰਵਾਜੇ ਬੰਦ ਰੱਖੇ ਜਾਣ, ਦਿਨ ਵੇਲੇ ਮੱਛਰ ਭਜਾਉਣ ਵਾਲੀ ਰਿਪੈਲੇਂਟ ਜਿਵੇਂ ਕਿ ਆਲ-ਆਉਟ ਆਦਿ ਲਗਾਏ ਜਾਣ।