ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਸਰਕਾਰ : ਡਾ. ਬਲਬੀਰ
ਡਾ ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ
Publish Date: Fri, 08 May 2026 04:26 PM (IST)
Updated Date: Fri, 08 May 2026 04:29 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਪੰਚਾਇਤ ਭਵਨ ਵਿਖੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵੱਲੋਂ ਲੰਬੇ ਸਮੇਂ ਤੋਂ ਖੇਡ ਕਿੱਟਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਸਰਕਾਰ ਨੇ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਸੋਚ ਦਾ ਵਿਕਾਸ ਹੁੰਦਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਖੇਡਾਂ ਵਿੱਚ ਰੁਚੀ ਲੈਣ ਵਾਲੇ ਬੱਚਿਆਂ ਨੂੰ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਲੋੜ ਹੁੰਦੀ ਹੈ, ਜਿਸ ਨਾਲ ਉਹ ਆਪਣੀ ਸਰੀਰਕ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਣ। ਇਸ ਲਈ ਸਰਕਾਰ ਵੱਲੋਂ ਖੇਡਾਂ ਦੇ ਨਾਲ-ਨਾਲ ਸਿਹਤ ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੱਸੋਵਾਲ ਵਿੱਚ ਆਧੁਨਿਕ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਚਾਰ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਖਿਡਾਰੀਆਂ ਲਈ ਹਰ ਤਰ੍ਹਾਂ ਦੀ ਆਧੁਨਿਕ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਪਿੰਡਾਂ ਦੇ ਨੌਜਵਾਨ ਵਧੀਆ ਮਾਹੌਲ ਵਿਚ ਅਭਿਆਸ ਕਰ ਸਕਣ। ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।