- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਮੰਤਰੀ ਵੱਲੋਂ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਸੱਦਾ

ਸੀਨੀਅਰ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਸਮੂਹ ਵਿਧਾਇਕਾਂ ਨੇ ਜ਼ਿਲ੍ਹੇ ਨੂੰ ਖੇਡਾਂ ਵਤਨ ਪੰਜਾਬ ਦੀਆਂ ’ਚ ਮੋਹਰੀ ਜ਼ਿਲ੍ਹਾ ਬਣਾਉਣ ’ਤੇ ਜ਼ੋਰ ਦਿੱਤਾ ਹੈ। ਇੱਥੇ ਇੱਕ ਉਚ ਪੱਧਰੀ ਬੈਠਕ ਕਰਕੇ ਖੇਡਾਂ ਵਤਨ ਪੰਜਾਬ ਦੀਆਂ-4 ਸੀਜ਼ਨ ਦੀ ਰਜਿਸਟ੍ਰੇਸ਼ਨ ਤੇ ਚੱਲ ਰਹੀਆਂ ਖੇਡਾਂ ਦਾ ਜਾਇਜ਼ਾ ਲੈਣ ਮੌਕੇ ਸਿਹਤ ਮੰਤਰੀ ਨੇ ਕਿਹਾ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖੇਡਾਂ ਰਾਹੀਂ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿਚ ਭੇਜ ਕੇ ਪੰਜਾਬ ਅੰਦਰ ਖੇਡਾਂ ਦਾ ਮਾਹੌਲ ਸਿਰਜਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਤਨ ਪੰਜਾਬ ਦੀਆਂ ’ਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਬੈਠਕ ਮੌਕੇ ਵਿਧਾਇਕ ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜੀਗਰ ਤੇ ਗੁਰਦੇਵ ਸਿੰਘ ਦੇਵ ਮਾਨ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਨੁਮਾਇੰਦੇ ਦੇਵਿੰਦਰਪਾਲ ਸਿੰਘ ਮਿੱਕੀ, ਰਣਜੋਧ ਸਿੰਘ ਹਡਾਣਾ ਦੇ ਨੁਮਾਇੰਦੇ ਹਰਪ੍ਰੀਤ ਸਿੰਘ ਘੁੰਮਣ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ. ਪੀ ਰਜੇਸ਼ ਛਿੱਬੜ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਸਮੇਤ ਜ਼ਿਲ੍ਹਾ ਪਟਿਆਲਾ ਦੀਆਂ ਖੇਡ ਐਸੋਸੀਏਸ਼ਨਾਂ ਤੇ ਫੈਡਰੇਸ਼ਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਖੇਡਾਂ ਵਤਨ ਪੰਜਾਬ ਦੀਆਂ-4 ਸੀਜ਼ਨ ਦੀ ਰਜਿਸਟ੍ਰੇਸ਼ਨ ਵੱਧ ਤੋਂ ਵੱਧ ਕਰਵਾਕੇ 14 ਸਾਲ ਤੋਂ 60 ਸਾਲ ਤੱਕ ਦੇ ਨੌਜ਼ਵਾਨਾਂ ਨੂੰ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਤ ਕਰਕੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ’ਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਤੇ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਅਕੈਡਮੀਆਂ, ਖੇਡ ਐਸੋਸੀਏਸ਼ਨ ਅਤੇ ਫੈਡਰੇਸ਼ਨਾਂ ਸਮੇਤ ਸਾਰੇ ਸਰਕਾਰੀ ਤੇ ਨਿਜੀ ਸਕੂਲਾਂ ਤੇ ਕਾਲਜਾਂ ਨੂੰ ਨਾਲ ਲੈਕੇ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਕਿ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਖੇਡਾਂ ਦਾ ਉਦਘਾਟਨ ਕਰਨ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਚੌਥਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਨ੍ਹਾਂ ਦੀ ਸਮਾਪਤੀ ਦਾ ਵਿਸ਼ਾਲ ਸਮਾਗਮ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ 10 ਲੱਖ ਤੱਕ ਦਾ ਟੀਚਾ ਹੈ, ਇਸ ਲਈ ਹਿੱਸੇਦਾਰੀ ਦੇ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।