- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਕਤਾ ਤੇ ਭਾਈਚਾਰੇ ਲਈ ਮੈਰਾਥਨ ਦੌੜ’ ਨੂੰ ਸਿਹਤ ਮੰਤਰੀ ਨੇ ਕੀਤਾ ਰਵਾਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਖੇਡ ਵਿਭਾਗ ਵੱਲੋਂ ਅੱਜ ਪਟਿਆਲਾ ਵਿਖੇ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਕਰਵਾਈ ਗਈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਿੱਖਿਆਵਾਂ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਰਹਿੰਦੀ ਦੁਨੀਆਂ ਤੱਕ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਆਪਸੀ ਭਾਈਚਾਰੇ ਤੇ ਏਕਤਾ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਦੇ ਸਮੇਂ ਵਿਚ ਹੋਰ ਵੀ ਵੱਧ ਮਹੱਤਤਾ ਹੈ। ਇਸ ਮੌਕੇ ਸਿਹਤ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪੋਰਟਲ ਵੀ ਲਾਂਚ ਕੀਤਾ। ਮੈਰਾਥਨ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਪਰਮਿੰਦਰ ਭਲਵਾਨ ਨੇ ਹਾਜ਼ਰ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੈਰਾਥਨ ਪੋਲੋ ਗਰਾਊਂਡ ਤੋਂ ਸ਼ੁਰੂ ਹੋ ਕੇ ਵਾਈਪੀਐੱਸ ਚੌਕ, ਐੱਨਆਈਐੱਸ ਚੌਕ ਤੇ ਫੁਹਾਰਾ ਚੌਂਕ ਤੋਂ ਹੁੰਦੀ ਹੋਈ ਮੁੜ ਪੋਲੋ ਗਰਾਊਂਡ ਵਿਖੇ ਸਮਾਪਤ ਹੋਈ। ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਐੱਸਡੀਐੱਮ ਗੁਰਦੇਵ ਸਿੰਘ, ਜਤਵਿੰਦਰ ਗਰੇਵਾਲ, ਵੱਡੀ ਗਿਣਤੀ ਵਿੱਚ ਕੋਚ, ਖਿਡਾਰੀ, ਵਿਦਿਆਰਥੀ ਅਤੇ ਨੌਜਵਾਨ ਮੌਜੂਦ ਸਨ।