- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ ਕਲੀਨ ਪੰਜਾਬ ਤਹਿਤ ਤ੍ਰਿਪੜੀ ’ਚ ਸਿਹਤ ਮੰਤਰੀ ਨੇ ਚਲਾਈ ਸਫ਼ਾਈ ਮੁਹਿੰਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਚੌਥੇ ਦਿਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਇਲਾਕੇ ਵਿਚ ਪੱਥਰ ਪਾਰਕ ਤੋਂ ਕੋਹਲੀ ਸਵੀਟਸ ਤੱਕ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਇਸ ਦੌਰਾਨ ਬੀਐੱਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਰੋਡ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦੀ ਸਫ਼ਲਤਾ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਦਿਆਂ ਆਲੇ-ਦੁਆਲੇ, ਮੁਹੱਲੇ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿਚ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ, ਮੱਛਰਾਂ ਦੀ ਭਰਮਾਰ, ਸੀਵਰੇਜ ਲੀਕੇਜ ਜਾਂ ਖੜ੍ਹਾ ਪਾਣੀ ਮਿਲਣ ’ਤੇ ‘ਐੱਮ-ਸੇਵਾ’ ਐਪ ਰਾਹੀਂ ਫੋਟੋ ਸਮੇਤ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਰਕਾਰ ਦੇ ਨਾਲ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਪੰਜਾਬ ਐਗਰੋ ਫੂਡ ਗ੍ਰੇਨਸ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਜ਼ਿਲ੍ਹਾ ਮੀਡੀਆ ਸੈਕਟਰੀ ਗੱਜਣ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।