ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ ਅੱਜ ਤੋਂ
ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ ਅੱਜ ਤੋਂ
Publish Date: Thu, 23 Apr 2026 06:42 PM (IST)
Updated Date: Thu, 23 Apr 2026 06:46 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੀ ਅਗਵਾਈ ਵਿੱਚ ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਹਫਤਾ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜਿਲ੍ਹੇ ਦੇ ਡਰਾਪਆਊਟ ਅਤੇ ਲੈਫਟ ਆਊਟ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਇਸ ਵਿਸ਼ੇਸ਼ ਹਫਤੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਯੋਗ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਭਾਲ ਕੀਤੀ ਜਾਵੇਗੀ, ਤਾਂ ਜੋ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਇਸ ਹਫਤੇ ਦੌਰਾਨ ਸਿਹਤ ਕਰਮਚਾਰੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਸਲੱਮ ਏਰੀਆ, ਮਾਈਗਰੇਟਰੀ ਏਰੀਆ, ਅਰਬਨ ਏਰੀਆ ਅਤੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੱਕ ਪਹੁੰਚ ਕਰ ਕੇ ਬੱਚਿਆਂ ਅਤੇ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਤਹਿਤ ਵੱਖ-ਵੱਖ ਮਾਰੂ ਬਿਮਾਰੀਆਂ ਜਿਵੇਂ ਪੋਲੀਓ, ਕਾਲੀ ਖਾਂਸੀ, ਤਪਦਿਕ ਅਤੇ ਹੋਰ 11 ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ, ਤਾਂ ਜੋ ਜ਼ਿਲ੍ਹੇ ਵਿੱਚ ਸੌ ਫ਼ੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਬਲਾਕਾਂ ਵਿੱਚ ਵਿਸ਼ੇਸ਼ ਟੀਕਾਕਰਨ ਹਫਤੇ ਦਾ ਨਿਰੀਖਣ ਵੀ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝੀ ਰਹਿ ਗਈ ਹੈ ਤਾਂ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਨੇੜਲੇ ਸਿਹਤ ਸੰਸਥਾਨ ਤੋਂ ਟੀਕਾਕਰਨ ਕਰਵਾਇਆ ਜਾ ਸਕਦਾ ਹੈ।