- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਨੂੰ ਫੇਫੜਿਆਂ ਦੀ ਗੰਭੀਰ ਬਿਮਾਰੀ ਸਬੰਧੀ ਕੀਤਾ ਜਾਗਰੂਕ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਵਿਸ਼ਵ ਸੀਓਪੀਡੀ ਦਿਵਸ ਮੌਕੇ ਸਿਹਤ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ’ਚ ਲੋਕਾਂ ਨੂੰ ਸੀਓਪੀਡੀ (ਕ੍ਰੋਨਿਕ ਓਬਸਟ੍ਰਕਟਿਵ ਪਲਮੋਨਰੀ ਡਿਜ਼ੀਜ਼) ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਾਲ ਵਿਸ਼ਵ ਸੀਓਪੀਡੀ ਦਿਵਸ ਦਾ ਥੀਮ ‘ਬਿਹਤਰ ਜੀਵਨ ਲਈ ਛੇਤੀ ਪਤਾ ਲਗਾਉਣਾ ਅਤੇ ਪ੍ਰਬੰਧਨ’ ਹੈ, ਜਿਸ ਦਾ ਮੁੱਖ ਉਦੇਸ਼ ਬਿਮਾਰੀ ਦੀ ਸਮੇਂ ਸਿਰ ਪਛਾਣ ਅਤੇ ਢੁੱਕਵੇਂ ਇਲਾਜ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਦੱਸਿਆ ਕਿ ਸੀਓਪੀਡੀ ਫੇਫੜਿਆਂ ਦੀ ਇੱਕ ਗੰਭੀਰ ਅਤੇ ਲੰਬੇ ਸਮੇਂ ਤੱਕ ਰਹਿਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਸੁੰਗੜ ਜਾਂਦੀਆਂ ਹਨ ਅਤੇ ਮਰੀਜ਼ ਨੂੰ ਸਾਹ ਲੈਣ ’ਚ ਮੁਸ਼ਕਿਲ ਆਉਂਦੀ ਹੈ। ਇਸ ਬਿਮਾਰੀ ਦੇ ਮੁੱਖ ਲੱਛਣਾਂ ਵਿੱਚ ਲਗਾਤਾਰ ਖੰਘ, ਬਲਗਮ ਆਉਣਾ, ਸਾਹ ਚੜ੍ਹਨਾ, ਛਾਤੀ ’ਚ ਜਕੜਨ ਅਤੇ ਥੋੜ੍ਹੀ ਜਿਹੀ ਸਰੀਰਕ ਮਿਹਨਤ ਕਰਨ ਨਾਲ ਸਾਹ ਫੁੱਲਣਾ ਸ਼ਾਮਲ ਹਨ। ਜੇਕਰ ਇਨ੍ਹਾਂ ਲੱਛਣਾਂ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕੀਤਾ ਜਾਵੇ ਤਾਂ ਬਿਮਾਰੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਅਤੇ ਸਿਗਰਟ ਪੀਣਾ ਸੀਓਪੀਡੀ ਦਾ ਸਭ ਤੋਂ ਵੱਡਾ ਕਾਰਨ ਹੈ। ਸਿਵਲ ਸਰਜਨ ਨੇ ਕਿਹਾ ਕਿ ਸੀਓਪੀਡੀ ਤੋਂ ਬਚਾਅ ਲਈ ਸਿਗਰਟਨੋਸ਼ੀ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ।