ਐੱਨਐੱਚਐੱਮ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਐਨਐਚਐਮ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ
Publish Date: Thu, 13 Aug 2026 03:49 PM (IST)
Updated Date: Thu, 13 Aug 2026 03:50 PM (IST)
ਵਾਅਦਿਆਂ ਤੋਂ ਮੁੱਕਰੀ ਸਰਕਾਰ ਨੂੰ ਘੇਰਨਾ ਮਜਬੂਰੀ : ਸੰਦੀਪ ਕੌਰ ਸੱਤਪਾਲ ਸਿੰਘ ਕਾਲਾਬੂਲਾ/ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ, ਮਾਲੇਰਕੋਟਲਾ : ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ ਸਿਹਤ ਵਿਭਾਗ ਵਿੱਚ ਪਿਛਲੇ 15-20 ਸਾਲਾਂ ਤੋਂ ਠੇਕਾ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ 13 ਅਤੇ 14 ਅਗਸਤ ਨੂੰ ਕੀਤੀ ਜਾ ਰਹੀ ਇਸ ਹੜਤਾਲ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐਨਐਚਐਮ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਨੂੰ ਲਾਗੂ ਕਰਨ ਦੀ ਬਜਾਏ ਲਾਰਾ-ਲੱਪਾ ਅਤੇ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 40-45 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਮੁਲਾਜ਼ਮਾਂ ਨੂੰ ਹੜਤਾਲ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਹੜਤਾਲ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ। ਸੂਬਾ ਪ੍ਰਧਾਨ ਨੇ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ, ਗਰੈਚੁਟੀ ਅਤੇ ਉਮਰ ਹੱਦ ਵਿੱਚ ਵਾਧਾ ਆਦਿ ਸ਼ਾਮਲ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਮੋੜ ’ਤੇ ਘੇਰਨਾ ਯੂਨੀਅਨ ਦੀ ਮਜਬੂਰੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਲ੍ਹਾ ਮਾਲੇਰਕੋਟਲਾ ਦੇ ਆਗੂਆਂ ਡਾ. ਵਾਹਿਦ, ਵਿਕਰਮਜੀਤ ਸਿੰਘ ਅਤੇ ਰਣਧੀਰ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਨੂੰ ਤੁਰੰਤ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੜ ਟਾਲ-ਮਟੋਲ ਦੀ ਨੀਤੀ ਅਪਣਾਈ ਗਈ ਤਾਂ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ। ਇਸ ਮੌਕੇ ਰਘਬੀਰ ਸਿੰਘ, ਜਸਕੀਰਤ ਸਿੰਘ, ਅਨਵਰ ਖਾਨ, ਡਾ. ਅੰਮ੍ਰਿਤਪਾਲ, ਜਸਪ੍ਰੀਤ ਕੌਰ ਸੀਐਚਓ, ਡਾ. ਸ਼ਹਿਨਾਜ਼, ਨਗੀਨਾ ਸ਼ਰਮਾ, ਕੁਲਬੀਰ ਕੌਰ, ਡਾ. ਇਰਫ਼ਾਨ, ਅਸਲਮ ਅਲੀ, ਸੁਹਾਵਾ ਸਿੰਘ ਅਤੇ ਡਾ. ਰਾਜਗੁਰਬੀਰ ਹਾਜ਼ਰ ਸਨ।