ਸੁਨਾਮ ’ਚ ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ ਸੁਨਾਮ ’ਚ ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ
Publish Date: Wed, 21 Oct 2026 04:19 PM (IST)
Updated Date: Thu, 22 Oct 2026 04:01 AM (IST)
ਸਿਵਲ ਹਸਪਤਾਲ ਦੇ ਗੇਟ ਅੱਗੇ ਕੀਤੀ ਰੈਲੀ, ਕਿਹਾ- ਸਰਕਾਰ ਮੰਗਾਂ ਪੂਰੀਆਂ ਕਰਨ ਤੋਂ ਵੱਟ ਰਹੀ ਟਾਲਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਚੱਲ ਰਹੇ ਸੰਘਰਸ਼ ਤਹਿਤ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਬੁੱਧਵਾਰ ਨੂੰ ਸੁਨਾਮ ਵਿਖੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਸੰਗਰੂਰ ਵੱਲੋਂ ਸਿਵਲ ਹਸਪਤਾਲ ਸੁਨਾਮ ਦੇ ਗੇਟ ਅੱਗੇ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਰੱਜਕੇ ਭੜਾਸ ਕੱਢੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਦਲਜੀਤ ਢਿੱਲੋਂ, ਜਗਸੀਰ ਸਿੰਘ, ਦਵਿੰਦਰ ਸਿੰਘ ਸੁਨਾਮ, ਸੁਧੀਰ ਸਿੰਗਲਾ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਅੰਮ੍ਰਿਤ ਕੌਰ, ਤਰੁਣ ਜਿੰਦਲ, ਮਨਪ੍ਰੀਤ ਕੌਰ, ਬਲਜਿੰਦਰ ਸਿੰਘ, ਗੁਰਤੇਜ ਸਿੰਘ, ਦਵਿੰਦਰ ਸਿੰਘ ਸੁਨਾਮ, ਮੁਕੇਸ਼ ਕੁਮਾਰ ਨੇ ਆਖਿਆ ਕਿ 18 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਨੇ ਜਥੇਬੰਦੀ ਨਾਲ ਮੀਟਿੰਗ ਕਰਕੇ ਮੰਗਾਂ ਦੇ ਨਿਪਟਾਰੇ ਕੀਤੇ ਸਨ ਲੇਕਿਨ ਉਸਨੂੰ ਅਮਲੀਜਾਮਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀਆਂ ਰਹਿੰਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, ਕੱਟੇ ਹੋਏ ਭੱਤੇ ਬਹਾਲ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤੇ ਮੁਲਾਜ਼ਮਾਂ ਨੂੰ ਸਮਾਂਬੱਧ ਤਰੱਕੀਆਂ ਦਿੱਤੀਆਂ ਜਾਣ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਮੰਚ ਦੇ ਸੱਦੇ ’ਤੇ ਚੱਲ ਰਹੇ ਸੰਘਰਸ਼ ਵਿੱਚ ਸਿਹਤ ਵਿਭਾਗ ਦੇ ਕਾਮੇ ਪੂਰੀ ਦ੍ਰਿੜ੍ਹਤਾ ਨਾਲ ਸ਼ਮੂਲੀਅਤ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਪ੍ਰਵਾਨ ਕੀਤਾ ਜਾਵੇ। ਯੂਨੀਅਨ ਨੇ ਐਲਾਨ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ ਸਾਂਝੇ ਸੰਘਰਸ਼ ਨੂੰ ਲਗਾਤਾਰ ਸਮਰਥਨ ਦਿੱਤਾ ਜਾਵੇਗਾ।