- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟਿਆਲਾ ’ਚ ਗਰਮੀ ਦਾ ਕਹਿਰ ਜਾਰੀ: ਅਗਲੇ ਪੰਜ ਦਿਨਾਂ ਲਈ ‘ਯੈਲੋ ਅਲਰਟ’

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਅੱਜ ਸੋਮਵਾਰ ਨੂੰ ਸੂਰਜ ਨੇ ਆਪਣੇ ਤਿੱਖੇ ਤੇਵਰ ਦਿਖਾਏ, ਜਿਸ ਨਾਲ ਲੋਕਾਂ ਨੂੰ ਭਾਰੀ ਤਪਸ਼ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਵੱਲੋਂ ਵੀ ਅਗਲੇ ਦਿਨਾਂ ਵਿਚ ਅਚਾਨਕ ਤਾਪਮਾਨ ਦੇ ਵੱਧਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਸੋਮਵਾਰ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਜ਼ਿਆਦਾ ਹੈ। ਸਵੇਰ ਤੋਂ ਹੀ ਚੱਲ ਰਹੀਆਂ ਗਰਮ ਹਵਾਵਾਂ ਨੇ ਦੁਪਹਿਰ ਵੇਲੇ ਸੜਕਾਂ 'ਤੇ ਕਰਫਿਊ ਵਰਗਾ ਮਾਹੌਲ ਪੈਦਾ ਕਰ ਦਿੱਤਾ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਆਉਣ ਵਾਲੇ ਪੰਜ ਦਿਨਾਂ ਦੌਰਾਨ ਰਾਹਤ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਅਗਲੇ ਦਿਨਾਂ ਵਿਚ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਫਿਲਹਾਲ, ਪਟਿਆਲਾ ਵਾਸੀਆਂ ਨੂੰ ਅਗਲੇ ਇੱਕ ਹਫ਼ਤੇ ਤੱਕ ਇਸ ਅੱਤ ਦੀ ਗਰਮੀ ਨਾਲ ਜੂਝਣਾ ਪਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਈ ਦੇ ਅਖੀਰ ਵਿੱਚ ਕਿਸੇ ਪੱਛਮੀ ਗੜਬੜੀ ਕਾਰਨ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ, ਪਰ ਉਦੋਂ ਤੱਕ ਗਰਮੀ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਹੇਗਾ।
-ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ। ਜੇਕਰ ਹੋ ਸਕੇ ਤਾਂ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖਰਬੂਜ਼ਾ, ਸੰਤਰਾ, ਖੀਰੇ, ਟਮਾਟਰ ਆਦਿ ਵੱਧ ਪਾਣੀ ਵਾਲੇ ਪਦਾਰਥਾਂ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾਂ ਹਲਕੇ ਰੰਗ ਦੇ ਕਪੜੇ ਪਾਏ ਜਾਣ।
-ਹੀਟਸਟਰੋਕ ਦੇ ਮਰੀਜ਼ਾਂ ਲਈ ਵੱਖਰੇ ਬੈੱਡਾਂ ਦਾ ਕੀਤਾ ਪ੍ਰਬੰਧ
ਤਿੱਖੀ ਧੁੱਪ ਤੋਂ ਬੱਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਡੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆ ਜਾਵੇ। ਨਵ ਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿਚ ਬਿਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ , ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰਖਿਆ ਜਾਵੇ। ਹੀਟਸਟਰੋਕ ਦੇ ਮਰੀਜਾਂ ਦੀ ਸੰਭਾਲ ਲਈ ਜ਼ਿਲ੍ਹਾ ਹਸਪਤਾਲ ਅਤੇ ਸਿਵਲ ਹਸਪਤਾਲ ਰਾਜਪੁਰਾ, ਸਮਾਨਾ ਅਤੇ ਨਾਭਾ ਵਿਖੇ ਵੱਖਰੇ ਬੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ।
-ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾਂ ਆਉਣਾ ਤੇ ਥਕਾਨ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ,ਬੇਚੈਨੀ, ਚਿੜਚਿੜਾਪਣ,ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸ਼ਪੇਸ਼ੀਆਂ ਵਿਚ ਵੀ ਕਮਜੋਰੀ ਆ ਜਾਂਦੀ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ’ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ।