ਜ਼ਿਲ੍ਹਾ ਪਟਿਆਲਾ ’ਚ ਲਗਾਇਆ ਜਾ ਰਿਹੈ ਐੱਚਪੀਵੀ ਵੈਕਸੀਨ
ਜਿਲ੍ਹਾ ਪਟਿਆਲਾ ਵਿੱਚ ਲਗਾਇਆ ਜਾ ਰਿਹਾ ਹੈ ਐਚ.ਪੀ.ਵੀ ਵੈਕਸੀਨ
Publish Date: Mon, 06 Apr 2026 06:10 PM (IST)
Updated Date: Mon, 06 Apr 2026 06:13 PM (IST)

ਫੋਟੋ 6ਪੀਟੀਐਲ: 22 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਵਿਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਇਤਿਹਾਸਕ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਸਿਹਤ ਵਿਭਾਗ ਪਟਿਆਲਾ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਜ਼ਿਲ੍ਹਾ ਪੱਧਰੀ ਐੱਚਪੀਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ੁਰੂਆਤੀ ਪੱਧਰ ਉੱਤੇ ਇਹ ਟੀਕਾ ਪਟਿਆਲਾ ਜ਼ਿਲ੍ਹੇ ਦੇ 13 ਸਿਹਤ ਸੰਸਥਾਵਾਂ ’ਤੇ ਲਾਏ ਜਾ ਰਹੇ ਹਨ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਇੰਦਰਪ੍ਰੀਤ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਮਹਿਲਾਵਾਂ ’ਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ, ਜੋ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਹੁੰਦਾ ਹੈ ਅਤੇ ਇਸਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ) ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਗਾਇਆ ਗਿਆ ਟੀਕਾ ਇਸ ਬਿਮਾਰੀ ਤੋਂ ਬਚਾਅ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚ.ਪੀ.ਵੀ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਉਹ ਇਸ ਜਾਨਲੇਵਾ ਰੋਗ ਤੋਂ ਸੁਰੱਖਿਅਤ ਰਹਿ ਸਕਣ। ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਹਨਾਂ ਲੜਕੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ ‘ਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ।