- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚੌਥਾ ਦਰਜਾ ਕਰਮਚਾਰੀਆਂ ਵੱਲੋਂ ਭੁੱਖ ਹੜਤਾਲ ਅਤੇ ਰੈਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਵੱਲੋਂ ਸਿਹਤ ਵਿਭਾਗ ਦੇ ਚੌਥਾ ਦਰਜਾ, ਕੰਟਰੈਕਟ, ਆਊਟਸੋਰਸ ਅਤੇ ਯੂਜ਼ਰ ਚਾਰਜਿਜ਼ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪਟਿਆਲਾ ਵਿਖੇ ਭੁੱਖ ਹੜਤਾਲ ਅਤੇ ਰੈਲੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਮੰਗਾਂ ਸਬੰਧੀ ਸਿਹਤ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਡੀਸੀ ਰੇਟ, ਆਊਟਸੋਰਸ ਤੇ ਯੂਜ਼ਰ ਚਾਰਜਿਜ਼ ਕਰਮਚਾਰੀਆਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਠੇਕੇਦਾਰਾਂ ਵੱਲੋਂ ਕਰਮਚਾਰੀਆਂ ਨੂੰ ਬੋਨਸ, ਈਪੀਐੱਫ, ਈਐੱਸਆਈ ਅਤੇ ਹੋਰ ਸਹੂਲਤਾਂ ਨਾ ਦੇਣ ਦੇ ਵੀ ਦੋਸ਼ ਲਗਾਏ। ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਹੱਲ ਨਾ ਹੋਣ ’ਤੇ 12 ਦਸੰਬਰ 2026 ਨੂੰ ਸਰਕਾਰੀ ਹਸਪਤਾਲ ਤ੍ਰਿਪੜੀ ਟਾਊਨ ਤੋਂ ਰੋਸ ਮਾਰਚ ਅਤੇ ਅਰਥੀ ਫੂਕ ਰੈਲੀ ਕੀਤੀ ਜਾਵੇਗੀ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਤਨਖਾਹ ਸਕੇਲ ਅਤੇ ਡੀਏ ਦੇਣ ਸਮੇਤ ਹੋਰ ਮੰਗਾਂ ਵੀ ਉਠਾਈਆਂ ਗਈਆਂ। ਭੁੱਖ ਹੜਤਾਲ ਵਿੱਚ ਦੀਪ ਚੰਦ ਹੰਸ, ਰਾਮ ਲਾਲ ਰਾਮਾ, ਸ਼ਿਵ ਚਰਨ ਅਤੇ ਹੋਰ ਮੁਲਾਜ਼ਮ ਆਗੂ ਸ਼ਾਮਲ ਹੋਏ।