ਧਰਮਿੰਦਰ ਪ੍ਰਧਾਨ ਪਹਿਲਾਂ ਅਸਤੀਫਾ ਦੇ ਦਿੰਦੇ ਤਾਂ ਵਿਦਿਆਰਥੀਆਂ 'ਤੇ ਲਾਠੀਚਾਰਜ ਨਾ ਹੁੰਦਾ : ਰਾਜਾ ਵੜਿੰਗ ਧਰਮਿੰਦਰ ਪ੍ਰਧਾਨ ਪਹਿਲਾਂ ਅਸਤੀਫਾ ਦੇ ਦਿੰਦੇ ਤਾਂ ਵਿਦਿਆਰਥੀਆਂ 'ਤੇ ਲਾਠੀਚਾਰਜ ਨਾ ਹੁੰਦਾ: ਰਾਜਾ ਵੜਿੰਗ
Publish Date: Sat, 25 Jul 2026 05:57 PM (IST)
Updated Date: Sun, 26 Jul 2026 04:02 AM (IST)
ਫੋਟੋ 25ਪੀਟੀਐਲ: 18 * ਕਿਹਾ, ਵਿਦਿਆਰਥੀਆਂ ਤੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਲੋਕਤੰਤਰ ਖ਼ਿਲਾਫ਼ * ਪੰਜਾਬ ’ਚ ਵੀ ਪੇਪਰ ਲੀਕ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਨੇ, ਸਿੱਖਿਆ ਮੰਤਰੀ ਬੈਂਸ ਤੋਂ ਮੰਗਿਆ ਅਸਤੀਫਾ ਐੱਚ ਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਦੀ ਮੰਗ ਅਨੁਸਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਡੇਢ ਮਹੀਨਾ ਪਹਿਲਾਂ ਹੀ ਅਸਤੀਫ਼ਾ ਦੇ ਦਿੰਦੇ ਤਾਂ ਜੰਤਰ-ਮੰਤਰ ਤੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਵਰਗੀ ਘਟਨਾ ਨਾ ਵਾਪਰਦੀ। ਰਾਜਾ ਵੜਿੰਗ ਰਾਜਪੁਰਾ ਦੇ ਫੁਹਾਰਾ ਚੌਕ ਨੇੜੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕਰਵਾਏ ਗਏ ਕਾਂਗਰਸ ਦੇ ਇਕੱਠ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮਗਰੋਂ ਉਹ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਕੱਢੇ ਗਏ ਕੈਂਡਲ ਮਾਰਚ ’ਚ ਸ਼ਾਮਲ ਹੋਣ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਤੇ ਵਿਦਿਆਰਥੀਆਂ ਤੇ ਬਰਨਾਲਾ ’ਚ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਲੋਕਤੰਤਰ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ਤੇ ਬੇਰਹਿਮੀ ਨਾਲ ਲਾਠੀਚਾਰਜ ਕਰ ਕੇ ਉਨ੍ਹਾਂ ਤੇ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਰਫ਼ ਇਕ ਡੀਐੱਸਪੀ ਨੂੰ ਮੁਅੱਤਲ ਕਰ ਕੇ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਲਾਠੀਚਾਰਜ ਦੇ ਹੁਕਮ ਕਿਸ ਦੇ ਨਿਰਦੇਸ਼ਾਂ ਤੇ ਦਿੱਤੇ ਗਏ ਸਨ ਤੇ ਇਸ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਵੀ ਪੇਪਰ ਲੀਕ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਵੀ ਮੰਗ ਕਰਦੇ ਹਨ। ਉਨ੍ਹਾਂ ਬਰਨਾਲਾ ਲਾਠੀਚਾਰਜ ਮਾਮਲੇ ’ਚ ਸ਼ਾਮਲ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਕਾਂਗਰਸੀਆਂ ਨੇ ਰਾਜਾ ਵੜਿੰਗ ਦਾ ਸਵਾਗਤ ਕੀਤਾ ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਮੈਂਬਰ ਐਡਵੋਕੇਟ ਕਰਮਜੀਤ ਸਿੰਘ ਚੌਧਰੀ, ਹਰਦੀਪ ਸਿੰਘ ਲਾਡਾ ਤੇ ਹੋਰ ਕਾਂਗਰਸੀ ਆਗੂਆਂ ਨੇ ਰਾਜਾ ਵੜਿੰਗ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਮਲਕੀਤ ਸਿੰਘ ਉੱਪਲਹੇੜੀ, ਗੁਰਪ੍ਰੀਤ ਸਿੰਘ ਸੰਧੂ, ਪਵਨ ਪਿੰਕਾ, ਸਰਬਜੀਤ ਸਿੰਘ ਮਾਣਕਪੁਰ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਮਨੀਸ਼ ਮੁਝਾਲ, ਗੁਰਪ੍ਰੀਤ ਸਿੰਘ ਜੰਡੋਲੀ, ਜੱਗਾ ਕੋਟਲਾ ਸਮੇਤ ਹੋਰ ਹਾਜ਼ਰ ਸਨ।