- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਣਕ ਦੇ ਭਾਅ ’ਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਨਰਿੰਦਰ ਲੇਹਲਾਂ

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਕੇਂਦਰ ਸਰਕਾਰ ਵੱਲੋਂ ਹਾਡ਼੍ਹੀ ਦੀ ਫ਼ਸਲ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਨਰਿੰਦਰ ਸਿੰਘ ਲੇਹਲਾਂ ਤੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਪਰੌਡ਼ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਦੇ ਮੁਕਾਬਲੇ ਇਹ ਵਾਧਾ ਨਾਕਾਫ਼ੀ ਹੈ। ਨਰਿੰਦਰ ਸਿੰਘ ਲੇਹਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਇਸ ਦਾ ਐੱਮਐੱਸਪੀ 2610 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ ਬਹੁਤ ਘੱਟ ਹੈ, ਜਦਕਿ ਕਿਸਾਨਾਂ ਦੀ ਖੇਤੀ ਲਾਗਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਰਾਸਰ ਝੂਠ ਬੋਲ ਰਹੀ ਹੈ ਕਿ ਅਸੀਂ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫਸਲ ਦੋ ਮੁੱਲ ਵਧਾਇਆ ਹੈ ਜਦ ਕਿ ਕਿਸਾਨ ਸੀ-2, 50 ਪ੍ਰੀਤਸ਼ਤ ਰੇਟ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਦ ਦੀਆਂ ਕੀਮਤਾਂ ਵਿਚ ਵੀ ਭਾਰੀ ਵਾਧਾ ਹੋਇਆ ਹੈ। ਜਿੱਥੇ ਪਹਿਲਾਂ ਡੀਏਪੀ ਖਾਦ ਦਾ ਰੇਟ 1350 ਰੁਪਏ ਸੀ ਜੋ ਕਿ ਹੁਣ ਵੱਧਕੇ 2300 ਰੁਪਏ ਹੋ ਗਿਆ ਹੈ ਜੋ ਸਰਾਸਰ ਸਰਕਾਰ ਦਾ ਕਿਸਾਨਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਡੀਜ਼ਲ ਦੀਆਂ ਕੀਮਤਾਂ, ਕੀਟਨਾਸ਼ਕ ਦਵਾਈਆਂ, ਲੇਬਰ ਤੇ ਘਰੇਲੂ ਖਰਚਿਆਂ ਵਿਚ ਵਾਧਾ ਹੋਇਆ ਹੈ। ਇਸ ਦੇ ਬਾਵਜੂਦ ਕਣਕ ਦੇ ਸਮਰਥਨ ਮੁੱਲ ਵਿਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਨੂੰ ਹੋਰ ਵਧਾ ਸਕਦਾ ਹੈ।