13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ
13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ
Publish Date: Mon, 08 Jun 2026 04:54 PM (IST)
Updated Date: Tue, 09 Jun 2026 04:05 AM (IST)

3832 ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਅਮਰਗੜ੍ਹ ਵਿਧਾਨ ਸਭਾ ਹਲਕੇ ਵਿੱਚ ਕਰੀਬ 13 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖੁਰਦ ਵਿਖੇ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਨਹਿਰੀ ਪਾਣੀ ਦੀ ਹਰ ਬੂੰਦ ਟੇਲਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵੇਂ ਭਸੌੜ ਮਾਈਨਰ ਨੂੰ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਮਾਲੇਰਕੋਟਲਾ ਅਤੇ ਸੰਗਰੂਰ ਦੇ ਨੌਂ ਪਿੰਡਾਂ ਨੂੰ ਕਰੀਬ 50 ਤੋਂ 60 ਸਾਲਾਂ ਬਾਅਦ ਨਹਿਰੀ ਪਾਣੀ ਮਿਲੇਗਾ। ਇਸ ਤੋਂ ਇਲਾਵਾ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 1.73 ਕਰੋੜ ਰੁਪਏ ਦੀ ਲਾਗਤ ਨਾਲ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਅਤੇ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਤੇ ਭੈਣੀ ਕਲਾਂ ਲਈ 1.03 ਕਰੋੜ ਰੁਪਏ ਦੀ ਲਾਗਤ ਨਾਲ 4,200 ਮੀਟਰ ਪਾਈਪਲਾਈਨ ਵਿਛਾਈ ਜਾ ਰਹੀ ਹੈ। ਪਿੰਡ ਦਹਿਲੀਜ਼ ਖੁਰਦ ਵਿਖੇ 6.17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਪ੍ਰਾਜੈਕਟਾਂ ਤਹਿਤ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਆਧੁਨਿਕ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਨਾਲ ਮਹਿਰਨਾ ਖੁਰਦ, ਕੰਗਨਪੁਰ ਅਤੇ ਰਸੂਲਪੁਰ ਦੇ 1,486 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਇਸ ਤੋਂ ਇਲਾਵਾ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖੁਰਦ ਦੇ 360 ਏਕੜ ਰਕਬੇ ਨੂੰ ਵੀ ਨਹਿਰੀ ਸਿੰਚਾਈ ਨਾਲ ਜੋੜਿਆ ਜਾਵੇਗਾ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵੀ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।