- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਪੇ ਮਿਲਣੀ ਨੂੰ ਸਰਕਾਰੀ ਪ੍ਰਚਾਰ ਦਾ ਮੰਚ ਬਣਾਉਣਾ ਮੰਦਭਾਗਾ: ਜੌੜਾਮਾਜਰਾ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਕਾਂਗਰਸ ਕਿਸਾਨ ਸੈੱਲ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਮਾਪੇ-ਅਧਿਆਪਕ ਮਿਲਣੀਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਕਾਰਗੁਜ਼ਾਰੀ ’ਤੇ ਚਰਚਾ ਕਰਨ ਦੀ ਬਜਾਏ ਸਰਕਾਰੀ ਸਕੀਮਾਂ ਦੀ ਮਸ਼ਹੂਰੀ ਦਾ ਸਾਧਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁੱਖ ਜ਼ਿੰਮੇਵਾਰੀ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਹੈ, ਨਾ ਕਿ ਸਰਕਾਰ ਦੀ ਵਾਹ-ਵਾਹ ਕਰਦਿਆਂ ਸਰਕਾਰ ਦੀ ਸਕੀਮਾਂ ਦਾ ਪ੍ਰਚਾਰ ਕਰਨਾ। ਜੌੜਾਮਾਜਰਾ ਨੇ ਦੋਸ਼ ਲਾਇਆ ਕਿ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਸਬੰਧੀ ਮਾਪਿਆਂ ਨੂੰ ਪੈਂਫਲੈਟ ਵੰਡੇ ਜਾ ਰਹੇ ਹਨ, ਜਿਨ੍ਹਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਾਪੀ ਗਈ ਹੈ। ਉਨ੍ਹਾਂ ਅਨੁਸਾਰ ਅਧਿਆਪਕਾਂ ਨੂੰ ‘ਆਨਲਾਈਨ ਲਿੰਕ’ ਰਾਹੀਂ ਵੀਡੀਓ ਬਣਾਉਣ ਅਤੇ ਭੇਜਣ ਦੀਆਂ ਹਦਾਇਤਾਂ ਦੇਣਾ ਵੀ ਸਿੱਖਿਆ ਪ੍ਰਣਾਲੀ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਤੋਂ ਇਹ ਪੁੱਛਣਾ ਕਿ ਉਨ੍ਹਾਂ ਨੂੰ ਪੈਨਸ਼ਨ ਜਾਂ ਯੋਜਨਾ ਤਹਿਤ ਕਿੰਨੀ ਰਕਮ ਮਿਲੀ ਅਤੇ ਉਨ੍ਹਾਂ ਨੇ ਉਸ ਨਾਲ ਕੀ ਖਰੀਦਿਆ, ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਪ੍ਰਤੀ ਸੰਵੇਦਨਸ਼ੀਲਤਾ ਦੀ ਘਾਟ ਦਰਸਾਉਂਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਜਿਹੇ ਸਵਾਲ ਬੱਚਿਆਂ ਦੇ ਭਵਿੱਖ ਅਤੇ ਸਿੱਖਿਆ ਦੀ ਗੁਣਵੱਤਾ ਨਾਲੋਂ ਵੱਧ ਮਹੱਤਵਪੂਰਨ ਹਨ? ਕਾਂਗਰਸੀ ਆਗੂ ਨੇ ਕਿਹਾ ਕਿ ਇਕ ਪਾਸੇ ਸਰਕਾਰ ਪ੍ਰਚਾਰ ’ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ, ਜਦ ਕਿ ਦੂਜੇ ਪਾਸੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਪੈਨਸ਼ਨਾਂ ਦੇ ਬਕਾਏ ਦੇਣ ਦੇ ਮੁੱਦੇ ਲਟਕ ਰਹੇ ਹਨ ਅਤੇ ਸਰਕਾਰ ਨੂੰ ਅਦਾਲਤਾਂ ਵਿਚ ਵੀ ਆਪਣੇ ਪੱਖ ਲਈ ਜਾਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿਆਸੀ ਪ੍ਰਚਾਰ ਦੀ ਥਾਂ ਸਿੱਖਿਆ, ਮੁਲਾਜ਼ਮਾਂ ਦੇ ਹੱਕਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵਲ ਧਿਆਨ ਦਿੱਤਾ ਜਾਵੇ।