ਪੀਐੱਮ ਦਾ ਪੰਜਾਬ ਦੌਰਾ ਸੂਬੇ ਦੀ ਤਰੱਕੀ ਦਾ ਪ੍ਰਤੀਕ : ਜੈ ਇੰਦਰ ਕੌਰ
ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਸੂਬੇ ਦੀ ਤਰੱਕੀ ਅਤੇ ਧਾਰਮਿਕ ਸਤਿਕਾਰ ਦਾ ਪ੍ਰਤੀਕ: ਜੈ ਇੰਦਰ ਕੌਰ*
Publish Date: Sun, 01 Feb 2026 06:21 PM (IST)
Updated Date: Sun, 01 Feb 2026 06:22 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ ਤੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਆਦਮਪੁਰ ਏਅਰਪੋਰਟ ਪਹੁੰਚਣ ਤੇ ਪੰਜਾਬ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨਾਲ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਜੀ ਦੇ ਪੰਜਾਬ ਆਉਣ ਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਵਿਸ਼ੇਸ਼ ਤੌਰ ਤੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਗੁਰੂ ਸਾਹਿਬ ਦੇ ਕਰੋੜਾਂ ਸ਼ਰਧਾਲੂਆਂ ਲਈ ਮਾਣ ਵਾਲੀ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕਰਨਾ ਪੰਜਾਬ ਦੀਆਂ ਧਾਰਮਿਕ ਰਵਾਇਤਾਂ ਅਤੇ ਸਮਾਜ ਸੇਵਾ ਨੂੰ ਦਿੱਤਾ ਗਿਆ ਇਕ ਬਹੁਤ ਵੱਡਾ ਸਨਮਾਨ ਹੈ। ਉਨ੍ਹਾਂ ਪੰਜਾਬ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਵਾਰਾ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਵਪਾਰਕ ਗਤੀਵਿਧੀਆਂ ਨੂੰ ਭਾਰੀ ਹੁਲਾਰਾ ਮਿਲੇਗਾ ਅਤੇ ਪੰਜਾਬ ਆਰਥਿਕ ਤੌਰ ਤੇ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਦੇ ਮਨ ਵਿਚ ਸਿੱਖ ਧਰਮ ਅਤੇ ਪੰਜਾਬ ਪ੍ਰਤੀ ਅਥਾਹ ਪਿਆਰ ਤੇ ਸਤਿਕਾਰ ਹੈ, ਜਿਸ ਕਾਰਨ ਉਹ ਹਮੇਸ਼ਾ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਅੱਜ ਦਾ ਇਹ ਦੌਰਾ ਪੰਜਾਬੀਆਂ ਪ੍ਰਤੀ ਉਨ੍ਹਾਂ ਦੀ ਸੁਹਿਰਦਤਾ ਅਤੇ ਲਗਾਅ ਨੂੰ ਸਪੱਸ਼ਟ ਰੂਪ ਵਿਚ ਦਰਸਾਉਂਦਾ ਹੈ।