ਦੋ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਜੈਨਪੁਰ ਦੀ ਬਦਲੀ ਨੁਹਾਰ
ਦੋ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਜੈਨਪੁਰ ਦੀ ਬਦਲੀ ਨੁਹਾਰ
Publish Date: Thu, 05 Feb 2026 06:13 PM (IST)
Updated Date: Fri, 06 Feb 2026 04:05 AM (IST)

ਐਲਈਡੀ ਸੋਲਰ ਲਾਈਟਾਂ ਨਾਲ ਰਾਤ ਸਮੇਂ ਜਗਮਗ ਕਰਦਾ ਪਿੰਡ ਸੁਰੱਖਿਆ ਲਈ ਲਾਏ 26 ਸੀਸੀਟੀਵੀ ਕੈਮਰੇ ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਪਿੰਡ ਜੈਨਪੁਰ ਵਿਚ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ। ਪਿੰਡ ਵਿਚ ਐੱਲਈਡੀ ਸੋਲਰ ਸਟਰੀਟ ਲਾਈਟਾਂ ਲਾਏ ਜਾਣ ਸਦਕਾ ਹੁਣ ਪਿੰਡ ਜੈਨਪੁਰ ਰਾਤ ਸਮੇਂ ਰੋਸ਼ਨੀ ਨਾਲ ਜਗਮਗਾਉਂਦਾ ਹੋਇਆ ਕਿਸੇ ਸ਼ਹਿਰ ਦਾ ਭੁਲੇਖਾ ਪਾਉਣ ਲੱਗਾ ਹੈ। ਪਿੰਡ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਮਹੱਤਵਪੂਰਨ ਸਥਾਨਾਂ ’ਤੇ 26 ਸੀਸੀਟੀਵੀ ਕੈਮਰੇ ਲਾਏ ਹਨ। ਇਸ ਨਾਲ ਪਿੰਡ ਵਿਚ ਨਿਗਰਾਨੀ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣੀ ਹੈ ਤੇ ਅਪਰਾਧਕ ਗਤੀਵਿਧੀਆਂ ’ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਪਿੰਡ ਜੈਨਪੁਰ ਦੀਆਂ 100 ਫੀਸਦੀ ਸੜਕਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ। ਪਿੰਡ ਦੀ ਫਿਰਨੀ ਨੂੰ ਲਗਭਗ 1.25 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਆਵਾਜਾਈ ਸੁਚੱਜੀ ਹੋਈ ਹੈ ਤੇ ਪਿੰਡ ਦੀ ਦਿੱਖ ’ਚ ਵੀ ਸੁਧਾਰ ਆਇਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓਐੱਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਹੁਣ ਤੱਕ ਕਰੀਬ ਦੋ ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਕਾਰਜਾਂ ਲਈ ਵੀ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਬੀਡੀਪੀਓ ਧੂਰੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਪੰਚਾਇਤ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਤੋਂ ਇਲਾਵਾ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਲੀ-ਨਾਲੀਆਂ, ਸਟਰੀਟ ਲਾਈਟਾਂ, ਬਲਾਕ ਟਾਈਲਾਂ ਅਤੇ ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਕੰਮ ਮੁਕੰਮਲ ਹੋ ਚੁੱਕੇ ਹਨ। ਪਿੰਡ ਦੀ ਸਰਪੰਚ ਰਾਜਵਿੰਦਰ ਕੌਰ ਬਲਿੰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਫੰਡ ਜਾਰੀ ਕੀਤੇ ਜਾਣ ਸਦਕਾ ਪਿੰਡ ਵਿੱਚ ਨਿਰੰਤਰ ਵਿਕਾਸ ਕਾਰਜ ਜਾਰੀ ਹਨ, ਜਿਸ ਦਾ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ।