ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ ’ਤੇ
ਸਲਾਨਾ ਸ਼ਹੀਦੀ ਸਮਾਗਮ ’ਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ: ਜਥੇਦਾਰ ਗੜ੍ਹੀ
Publish Date: Mon, 17 Nov 2025 06:26 PM (IST)
Updated Date: Mon, 17 Nov 2025 06:28 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਇਤਿਹਾਸਕ ਅਸਥਾਨ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਤੇ ਪ੍ਰਬੰਧ ਵੱਡੇ ਪੱਧਰ ਤੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੇਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦੇ ਹੋਏ ਇਤਿਹਾਸਕ ਨਗਰ ਕਰਹਾਲੀ ਸਾਹਿਬ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ 23 ਤੋਂ 25 ਨਵੰਬਰ ਨੂੰ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ (ਪਟਿਆਲਾ) ਵਿਖੇ ਸਤਿਕਾਰ ਸਹਿਤ ਮਨਾਏ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਲਾਨਾ ਸ਼ਹੀਦੀ ਸਮਾਗਮ ਮੌਕੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਜੀਵਨ ਸਫਲ ਕਰੀਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਕੌਲੀ, ਗਿਆਨੀ ਹਰਬੰਸ ਸਿੰਘ,ਅਕਾਊਂਟੈਂਟ ਗੁਰਮੁਖ ਸਿੰਘ, ਗੁਰਬਾਜ ਸਿੰਘ ਖ਼ਜ਼ਾਨਚੀ, ਹੈਪੀ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।