ਸੁਨਾਮ ਵਿਖੇ ਅਮਨ ਅਰੋੜਾ ਦੀ ਕੋਠੀ ਮੂਹਰੇ ਫੂਕਿਆ ਝਾੜੂ ਸੁਨਾਮ ਵਿਖੇ ਅਮਨ ਅਰੋੜਾ ਦੀ ਕੋਠੀ ਮੂਹਰੇ ਫੂਕਿਆ ਝਾੜੂ
Publish Date: Sun, 25 Oct 2026 04:26 PM (IST)
Updated Date: Mon, 26 Oct 2026 04:01 AM (IST)
ਪਰਵਿੰਦਰ ਝੋਟਾ ਕਤਲ ਮਾਮਲੇ ਚ, ਮੰਗਿਆ ਇਨਸਾਫ, ਕਿਹਾ–‘ਆਪ’ ਸਰਕਾਰ ਦੇ ਰਾਜ ’ਚ ਨਹੀਂ ਕੋਈ ਸੁਰੱਖਿਅਤ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਰਾਜ ਵਿਆਪੀ ਸੱਦੇ ਤਹਿਤ ਐਤਵਾਰ ਨੂੰ ਸੁਨਾਮ ਵਿਖੇ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਕਾਰਕੁੰਨਾ ਨੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਮੂਹਰੇ ਇਕੱਠੇ ਹੋਕੇ ਝਾੜੂ ਫੂਕਿਆ ਅਤੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਤਿੱਖੇ ਤੰਜ ਕੱਸਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਜਪਾ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਸਮਾਜਿਕ ਕਾਰਕੁੰਨ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਮੋਹਨਜੀਤ ਸਿੰਘ ਸੇ਼ਰੋਂ ਅਤੇ ਕਾਂਗਰਸ ਆਗੂ ਕਰਮਜੀਤ ਕੌਰ ਮਾਡਲ ਟਾਊਨ ਨੇ ਸੂਬਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਆਗੂ ਬਦਲਾਅ ਅਤੇ ਇਨਸਾਫ਼ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਏ ਸਨ, ਅੱਜ ਉਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਯੋਧਿਆਂ ਨੂੰ ਇਨਸਾਫ਼ ਲਈ ਭਟਕਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ਤੇ ਫੇਲ੍ਹ ਸਾਬਤ ਹੋਈ ਹੈ ਅਤੇ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮੁਕੰਮਲ ਇਨਸਾਫ਼ ਨਹੀਂ ਮਿਲ ਜਾਂਦਾ, ਉਹ ਇਸ ਸੰਘਰਸ਼ ਦਾ ਪੂਰਨ ਸਮਰਥਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਝਾੜੂ ਫੂਕ ਕੇ ਪ੍ਰਦਰਸ਼ਨ ਕਰਨਾ ਲੋਕਾਂ ਦੇ ਗੁੱਸੇ ਦਾ ਪ੍ਰਤੀਕ ਹੈ। ਸਰਕਾਰ ਨੇ ਨਸ਼ਾ ਤਸਕਰਾਂ ਤੇ ਲਗਾਮ ਲਗਾਉਣ ਦੀ ਬਜਾਏ ਨਸ਼ੇ ਵਿਰੁੱਧ ਲੜਨ ਵਾਲੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਝੋਟਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਬੁਲਾਰਿਆਂ ਨੇ ਆਖਿਆ ਕਿ ਪੰਜਾਬ ਦਾ ਨੌਜਵਾਨ ਹੁਣ ਇਸ ਸਰਕਾਰ ਦੇ ਝੂਠੇ ਦਲਾਸਿਆਂ ਤੋਂ ਅੱਕ ਚੁੱਕਾ ਹੈ ਜੇਕਰ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਇਸ ਅੰਦੋਲਨ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲੜਾਈ ਸਿਰਫ਼ ਇੱਕ ਵਿਅਕਤੀ ਦੀ ਨਹੀਂ ਬਲਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਹੈ। ਕਾਨੂੰਨੀ ਮੋਰਚੇ ਤੋਂ ਲੈਕੇ ਸੜਕਾਂ ਤੱਕ ਇਨਸਾਫ਼ ਦੀ ਇਹ ਆਵਾਜ਼ ਬੁਲੰਦ ਰੱਖੀ ਜਾਵੇਗੀ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਇਸ ਮੌਕੇ ਭਾਜਪਾ ਆਗੂ ਸੰਕਰ ਬਾਂਸਲ, ਕਾਂਗਰਸ ਆਗੂ ਅਸ਼ਵਨੀ ਕੁਮਾਰ, ਮਨਜੀਤ ਕੌਰ ਸਮੇਤ ਹੋਰ ਆਗੂ ਹਾਜ਼ਰ ਸਨ।