ਝਿੰਜਰ ਨੇ ਮਿਸ਼ਨ ਫ਼ਤਿਹ ਤਹਿਤ ਕੀਤੀਆਂ ਜਨਤਕ ਮੀਟਿੰਗ ਝਿੰਜਰ ਨੇ ਮਿਸ਼ਨ ਫ਼ਤਿਹ ਤਹਿਤ ਕੀਤੀਆਂ ਜਨਤਕ ਮੀਟਿੰਗਾਂ
Publish Date: Fri, 20 Nov 2026 04:28 PM (IST)
Updated Date: Fri, 20 Nov 2026 04:31 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਵੀਰਵਾਰ ਨੂੰ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਸਾਡਾ ਮਕਸਦ ਨਸ਼ਾ ਮੁਕਤ ਹਲਕਾ ਘਨੌਰ ਦੇ ਨਾਅਰੇ ਹੇਠ ਹਲਕੇ ਦੇ ਪਿੰਡ ਸੇਹਰਾ, ਭੇਡਵਾਲ ਝੁੰਗੀਆਂ, ਗੰਡਿਆ ਖੇੜੀ, ਖੈਰਪੁਰ ਜੱਟਾ ਅਤੇ ਸੁਹਰੋ ਵਿਖੇ ਜਨਤਕ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਸੂਬੇ ’ਚ ਮੁੜ ਬਦਲਾਅ ਦੀ ਉਮੀਦ ਨਾਲ ਅਕਾਲੀ ਦਲ ਵੱਲ ਦੇਖ ਰਹੇ ਹਨ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ, ਨਾਜਾਇਜ਼ ਮਾਈਨਿੰਗ ਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ ਹਨ। ਉਨ੍ਹਾਂ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਤੇ ਵੀ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਮੁਹੱਲਾ ਕਲੀਨਿਕਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ ਅਤੇ ਸੁਵਿਧਾ ਕੇਂਦਰ ਬੰਦ ਕਰ ਦਿੱਤੇ ਗਏ ਹਨ। ਝਿੰਜਰ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਦਾ ਕੋਟਾ 50 ਕਿਲੋ ਕੀਤਾ ਜਾਵੇਗਾ, ਬੇਜ਼ਮੀਨੇ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਅਤੇ ਸ਼ਗਨ ਸਕੀਮ ਤਹਿਤ ਇਕ ਲੱਖ ਰੁਪਏ ਦਿੱਤੇ ਜਾਣਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।