- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਤੋਂ ਬਚਣ ਲਈ ਜੁਲਕਾਂ ਪੁਲਸ ਨੇ ਨੌਜਵਾਨਾਂ ਨੂੰ ਕੀਤਾ ਜਾਗਰੂਕ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਨੌਜਵਾਨਾਂ ਨੂੰ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜੁਲਕਾਂ ਪੁਲਿਸ ਵੱਲੋਂ ਨੌਜਵਾਨਾਂ ਨੂੰ ਦੇਵੀਗਡ਼੍ਹ ਵਿਖੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ। ਇਸ ਮੌਕੇ ਐੱਸਐੱਚਓ ਥਾਣਾ ਜ਼ੁਲਕਾਂ ਕਰਮਜੀਤ ਸਿੰਘ ਨੇ ਕਿਹਾ ਕਿ ਨਸ਼ੇ ਨੌਜਵਾਨ ਪੀਡ਼੍ਹੀ ਦੇ ਭਵਿੱਖ ਲਈ ਗੰਭੀਰ ਖ਼ਤਰਾ ਹਨ। ਨਸ਼ਿਆਂ ਦੀ ਲਤ ਕਾਰਨ ਵਿਅਕਤੀ ਦੀ ਸਿਹਤ, ਪਰਿਵਾਰਕ ਜੀਵਨ ਤੇ ਸਮਾਜਿਕ ਰਿਸ਼ਤਿਆਂ ’ਤੇ ਮਾਡ਼ਾ ਅਸਰ ਪੈਂਦਾ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਕੇ ਆਪਣੀ ਊਰਜਾ ਪਡ਼੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲਡ਼ਾਈ ਵਿਚ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭੂਮਿਕਾ ਅਹਿਮ ਹੈ। ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਨਾਲ ਦੋਸਤਾਨਾ ਮਾਹੌਲ ਵਿੱਚ ਗੱਲਬਾਤ ਕਰਨੀ ਚਾਹੀਦੀ ਹੈ, ਤਾਂ ਜੋ ਨੌਜਵਾਨਾਂ ਨੂੰ ਗਲਤ ਸੰਗਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਬੁਰਾਈ ਤੋਂ ਬਚਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।