ਨੈਸ਼ਨਲ ਹਾਈਵੇਅ ਚੰਡੀਗੜ੍ਹ-ਬਠਿੰਡਾ ਤੇ ਕਾਲਾਝਾੜ ਟੋਲ ਕੀਤਾ 5 ਘੰਟੇ ਫ੍ਰੀ ਨੈਸ਼ਨਲ ਹਾਈਵੇਅ ਚੰਡੀਗੜ੍ਹ-ਬਠਿੰਡਾ ਤੇ ਕਾਲਾਝਾੜ ਟੋਲ ਕੀਤਾ 5 ਘੰਟੇ ਮੁਫ਼ਤ
Publish Date: Tue, 14 Jul 2026 03:58 PM (IST)
Updated Date: Wed, 15 Jul 2026 04:01 AM (IST)
ਮੰਗਾਂ ਨਾ ਮੰਨੀਆਂ ਤਾਂ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ ਪੰਜ ਘੰਟੇ ਬਿਨਾਂ ਟੋਲ ਦਿੱਤੇ ਲੰਘਦੇ ਰਹੇ ਵਾਹਨ ਡੱਲੇਵਾਲ ਨੇ ਸਕਰੀਨ ਰਾਹੀਂ ਕੀਤਾ ਲਾਈਵ ਸੰਬੋਧਨ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਪੰਜਾਬ ਭਰ ਵਿੱਚ ਦਿੱਤੇ ਸੱਦੇ ਤਹਿਤ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਬਠਿੰਡਾ-ਚੰਡੀਗੜ੍ਹ ਹਾਈਵੇਅ ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਮੁਕਤ ਕਰ ਦਿੱਤਾ ਗਿਆ। ਇਸ ਦੌਰਾਨ ਵਾਹਨਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਇਹ ਸੰਘਰਸ਼ ਲੈਂਡ ਮਾਰਗੇਜ ਬੈਂਕਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ, ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਅਤੇ ਭਾਰਤ-ਅਮਰੀਕਾ ਟ੍ਰੇਡ ਡੀਲ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਕਿਸੇ ਵੀ ਕੀਮਤ ਤੇ ਨਹੀਂ ਛੱਡਣਗੇ ਅਤੇ ਇਸ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੈਂਡ ਮਾਰਗੇਜ ਬੈਂਕਾਂ ਦੀਆਂ ਨੀਤੀਆਂ ਕਾਰਨ ਕਈ ਕਿਸਾਨ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਇਸ ਸਬੰਧੀ ਇਨਸਾਫ ਦੀ ਮੰਗ ਲਈ 30 ਮਾਰਚ ਤੋਂ ਫਰੀਦਕੋਟ ਅਤੇ 11 ਮਈ ਤੋਂ ਪੰਜਾਬ ਦੇ 12 ਹੋਰ ਜ਼ਿਲ੍ਹਿਆਂ ਵਿੱਚ ਲੈਂਡ ਮਾਰਗੇਜ ਬੈਂਕਾਂ ਅੱਗੇ ਪੱਕੇ ਧਰਨੇ ਜਾਰੀ ਹਨ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਫਰੀਦਕੋਟ ਦੇ ਪਿੰਡ ਹਰੀ ਨੌ ਦੇ ਦੋ ਕਿਸਾਨ ਭਰਾਵਾਂ ਦੀ ਮੌਤ ਦੇ ਮਾਮਲੇ ਵਿੱਚ ਅਜੇ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਿਆ ਜਾਵੇ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਹੋ ਸਕੇ। ਕਿਸਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੂਬਾ ਪੱਧਰ ਤੇ ਹੋਰ ਵੱਡਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ। ਇਸ ਮੌਕੇ ਟੋਲ ਪਲਾਜ਼ੇ ਤੇ ਐਲਈਡੀ ਸਕਰੀਨ ਰਾਹੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਿਸਾਨੀ ਮੰਗਾਂ ਸਬੰਧੀ ਲਾਈਵ ਸੰਬੋਧਨ ਵੀ ਸੁਣਿਆ ਗਿਆ। ਧਰਨੇ ਨੂੰ ਬੀਕੇਯੂ ਏਕਤਾ ਮਲਵਈ ਦੇ ਸੂਬਾ ਆਗੂ ਧਰਮਿੰਦਰ ਸਿੰਘ ਪਿਸ਼ੌਰ, ਬਲਾਕ ਪ੍ਰਧਾਨ ਕਰਮਜੀਤ ਸਿੰਘ ਬਾਲਦ ਕਲਾਂ, ਰਾਮਫਲ ਸਿੰਘ ਜਲੂਰ, ਕੇਵਲ ਸਿੰਘ ਜਵੰਧਾ, ਜਸਵੰਤ ਸਿੰਘ ਛਾਹੜ ਨੇ ਵੀ ਸੰਬੋਧਨ ਕੀਤਾ।