ਐੱਸਯੂਐੱਸ ਕਾਲਜ ’ਚ ਕਰਵਾ ਚੌਥ ਦਾ ਤਿਉਹਾਰ ਮਨਾਇਆ
ਐੱਸਯੂਐੱਸ ਕਾਲਜ ’ਚ ਕਰਵਾ ਚੌਥ ਦਾ ਤਿਉਹਾਰ ਮਨਾਇਆ
Publish Date: Wed, 28 Oct 2026 06:47 PM (IST)
Updated Date: Wed, 28 Oct 2026 06:49 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਕਰਵਾ ਚੌਥ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਿਚਕਾਰ ਮਹਿੰਦੀ ਲਾਉਣ ਅਤੇ ਵਾਲ ਗੁੰਦਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਉਪਰੰਤ ਕਾਲਜ ਦੀ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਰਵਾਇਤਾਂ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਸੱਭਿਆਚਾਰਕ ਵਿਰਸੇ ਨੂੰ ਕਾਇਮ ਰੱਖਣ ਅਤੇ ਸਿਰਜਣਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਮਹਿਲਾ ਸਟਾਫ਼ ਨੇ ਵਿਦਿਆਰਥਣਾਂ ਤੋਂ ਮਹਿੰਦੀ ਲਗਵਾ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਨੂੰ ਮਾਣਿਆ।