ਖ਼ਾਲਸਾ ਕਾਲਜ ਵੱਲੋਂ ‘ਬਦਲਦੇ ਵਿਸ਼ਵ ਪ੍ਰਸੰਗ ’ਚ ਮਨੁੱਖੀ ਅਧਿਕਾਰ’ ਵਿਸ਼ੇ ’ਤੇ ਕਾਨਫਰੰਸ ਕਰਵਾਈ
ਖ਼ਾਲਸਾ ਕਾਲਜ ਵੱਲੋਂ ’ਬਦਲਦੇ ਵਿਸ਼ਵ ਪ੍ਰਸੰਗ ਵਿੱਚ ਮਨੁੱਖੀ ਅਧਿਕਾਰ’ ਵਿਸ਼ੇ ’ਤੇ ਕਾਨਫਰੰਸ ਕਰਵਾਈ
Publish Date: Sat, 02 May 2026 05:18 PM (IST)
Updated Date: Sat, 02 May 2026 05:20 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਪਟਿਆਲਾ ਵਿਖੇ ਪੋਸਟ-ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ‘ਬਦਲਦੇ ਵਿਸ਼ਵ ਪ੍ਰਸੰਗ ਵਿੱਚ ਮਨੁੱਖੀ ਅਧਿਕਾਰ’ ਵਿਸ਼ੇ ’ਤੇ ਇੱਕ ਰੋਜ਼ਾ ਰਾਸ਼ਟਰੀ ਕਾਨਫਰੰਸ ਸਫ਼ਲਤਾਪੂਰਵਕ ਕਰਵਾਈ ਗਈ। ਇਸ ਮੌਕੇ ਡਾ. ਸਤਨਾਮ ਸਿੰਘ ਦਿਓਲ ਮੁਖੀ ਰਾਜਨੀਤੀ ਵਿਗਿਆਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕੂੰਜੀਵਤ ਭਾਸ਼ਣ ਦਿੱਤਾ। ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੇ ਇਤਿਹਾਸਿਕ ਅਤੇ ਮੌਜੂਦਾ ਪਰਿਪੇਖ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਦੇ ਬਦਲਦੇ ਗਲੋਬਲ ਦੌਰ ਵਿੱਚ ਮਨੁੱਖੀ ਅਧਿਕਾਰਾਂ ਨੂੰ ਕਈ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਤਕਨੀਕੀ ਤਰੱਕੀ ਅਤੇ ਰਾਜਸੀ ਤਬਦੀਲੀਆਂ ਦੇ ਦੌਰ ਵਿੱਚ ਹਰ ਵਿਅਕਤੀ ਨੂੰ ਆਪਣੇ ਬੁਨਿਆਦੀ ਹੱਕਾਂ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ। ਸੀਨੀਅਰ ਪੱਤਰਕਾਰ ਹਰਪ੍ਰੀਤ ਸਿੰਘ ਸਾਹਨੀ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਅਜੋਕੇ ਦੌਰ ਵਿੱਚ ਮਨੁੱਖੀ ਅਧਿਕਾਰਾਂ ਦੀ ਸਾਰਥਕਤਾ ਨੂੰ ਸਮਝਣ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਇਸ ਨਾਲ ਨਿਆਂ ਦੀਆਂ ਮੱਦਾਂ ਤੱਕ ਪਹੁੰਚਿਆ ਜਾ ਸਕਦਾ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਮੁੱਦਿਆਂ ’ਤੇ ਸਾਰਥਕ ਬਹਿਸ ਕਰਵਾਉਣ ਲਈ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕੇਵਲ ਕਾਨੂੰਨੀ ਦਸਤਾਵੇਜ਼ ਨਹੀਂ ਹਨ, ਸਗੋਂ ਇਹ ਮਨੁੱਖੀ ਹੋਂਦ ਅਤੇ ਸਨਮਾਨ ਦਾ ਅਨਿੱਖੜਵਾਂ ਅੰਗ ਹਨ। ਕਾਲਜ ਦੇ ਰਾਜਨੀਤੀ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਕਾਨਫਰੰਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਅਕਾਦਮਿਕ ਸੈਸ਼ਨਾ ਦਾ ਮਨੋਰਥ ਮਨੁੱਖੀ ਅਧਿਕਾਰਾਂ ਦੇ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਚਰਚਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਇਹ ਕਾਨਫਰੰਸ ਨਵੇਂ ਖੋਜਾਰਥੀਆਂ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋਈ ਹੈ। ਇਨ੍ਹਾਂ ਸੈਸ਼ਨਾਂ ਵਿੱਚ ਬਤੌਰ ਚੇਅਰਪਰਸਨ ਡਾ. ਪਰਮਜੀਤ ਕੌਰ ਮੁਖੀ ਰਾਜਨੀਤੀ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਰਚਨਾ ਸ਼ਰਮਾ, ਐਸੋਸੀਏਟ ਪ੍ਰੋਫ਼ੈਸਰ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ, ਡਾ. ਸੁਖਪਾਲ ਕੌਰ, ਮੁਖੀ ਰਾਜਨੀਤੀ ਵਿਗਿਆਨ ਵਿਭਾਗ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਡਾ. ਇੰਦਰਜੀਤ ਸਿੰਘ, ਏਐੱਸ ਕਾਲਜ, ਖੰਨਾ ਨੇ ਸ਼ਿਰਕਤ ਕੀਤੀ ਅਤੇ ਖੋਜਾਰਥੀਆਂ ਦੇ ਖੋਜ ਪੱਤਰਾਂ ਦੀ ਸ਼ਲਾਘਾ ਕੀਤੀ। ਕਾਨਫਰੰਸ ਦੌਰਾਨ ਵੱਖ-ਵੱਖ ਟੈਕਨੀਕਲ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ 90 ਦੇ ਕਰੀਬ ਖੋਜ-ਪੱਤਰ ਪੜ੍ਹੇ ਗਏ। ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋਫ਼ੈਸਰ ਹਰਮਨਪ੍ਰੀਤ ਸਿੰਘ ਵੱਲੋਂ ਕੀਤਾ ਗਿਆ।