ਵਿਧਾਇਕ ਕੁਲਵੰਤ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਵਿਧਾਇਕ ਕੁਲਵੰਤ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Publish Date: Tue, 14 Apr 2026 04:48 PM (IST)
Updated Date: Tue, 14 Apr 2026 04:51 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਪੰਜਾਬ ਸਰਕਾਰ ਵੱਲੋਂ ਹਾੜ੍ਹੀ ਦੀ ਪ੍ਰਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਕੀਤਾ ਜਾਣ ਦਾ ਦਾਅਵਾ ਕੀਤਾ ਗਿਆ ਸੀ ਪਰ ਪੱਕਣ ਦੇ ਨੇੜੇ ਪੁੱਜੀ ਕਣਕ ਦੀ ਫਸਲ ’ਤੇ ਬਰਸਾਤ ਪੈ ਜਾਣ ਕਰਕੇ ਕਣਕ ਦੀ ਖਰੀਦ ਵਿਚ ਹੋਈ ਦੇਰੀ ਮਗਰੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵੱਲੋਂ ਅਨਾਜ ਮੰਡੀ ਪਾਤੜਾਂ ਵਿਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕਣਕ ਦੀ ਖਰੀਦ ਸ਼ੁਰੂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਕਰਕੇ ਕਣਕ ਦੀ ਖਰੀਦ ਸ਼ੁਰੂ ਕਰਨ ਵਿਚ ਕੁਝ ਦੇਰੀ ਹੋਈ ਹੈ। ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੀਆਂ ਅਨਾਜ ਮੰਡੀਆਂ ਤੇ ਸਬ ਯਾਰਡਾਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਖਰੀਦ ਏਜੰਸੀਆਂ ਦੇ ਅਧਿਕਾਰੀ ਮੰਡੀਆਂ ਵਿਚ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਬੈਠਣ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਤੇਜਪਾਲ ਸ਼ਰਮਾ, ਮੀਤ ਪ੍ਰਧਾਨ ਪੰਜਾਬ ਸੰਦੀਪ ਕੁਮਾਰ ਕਾਲਾ, ਡਾਕਟਰ ਡੀਡੀ ਸਿੰਗਲਾ, ਸ਼ਹਿਰੀ ਪ੍ਰਧਾਨ ਆਪ ਮਦਨ ਲਾਲ ਗੋਇਲ ਆਦਿ ਹਾਜ਼ਰ ਸਨ।