ਬਿਜਲੀ ਸੋਧ ਬਿੱਲ 2025 ਨੂੰ ਰੱਦ ਕੀਤਾ ਜਾਵੇ : ਨਿਆਲ
ਕਿਸਾਨ ਯੂਨੀਅਨ ਦੀ ਮੀਟਿੰਗ ਹੋਈ
Publish Date: Wed, 26 Nov 2025 05:18 PM (IST)
Updated Date: Wed, 26 Nov 2025 05:20 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਪਿੰਡ ਗਾਜੇਵਾਸ ਵਿਖੇ ਹੋਈ। ਮੀਟਿੰਗ ’ਚ ਮਨਜੀਤ ਸਿੰਘ ਨਿਆਲ, ਕਰਨੈਲ ਸਿੰਘ ਲੰਗ, ਗੁਰਪ੍ਰੀਤ ਕੌਰ ਬਰਾਸ, ਦਵਿੰਦਰ ਕੌਰ ਹਰਦਾਸਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਕੇਂਦਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਬਾਰੇ ਚੁੱਪ ਹਨ, ਜਿਸ ਤੋਂ ਸਾਫ ਹੋ ਰਿਹਾ ਹੈ ਕਿ ਕੇਂਦਰ ਵੱਲੋਂ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਤੇ ਇਨ੍ਹਾਂ ਸਾਰੀਆਂ ਧਿਰਾਂ ਦੀ ਸਹਿਮਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਧਿਰਾਂ ਇਸ ਮਸਲੇ ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਇਜਲਾਸ ਸੱਦ ਕੇ ਇਸ ਬਿੱਲ ਦੇ ਖਿਲਾਫ ਮਤਾ ਪਾਉਣਾ ਚਾਹੀਦਾ ਹੈ। ਉਨ੍ਹਾਂ ਜਾਣਾਕਰੀ ਦਿੱਤੀ ਕਿ ਬਿਜਲੀ ਬਿੱਲ ਅਤੇ ਹੋਰ ਮੰਗਾਂ ਨੂੰ ਲੈ ਕੇ 1 ਦਸੰਬਰ ਨੂੰ ਕੇਐੱਮਐੱਮ ਵੱਲੋਂ ਪੰਜਾਬ ਭਰ ਦੇ ਡੀਸੀ ਦਫ਼ਤਰਾ ਤੇ ਮੰਗ ਪੱਤਰ ਦਿੱਤੇ ਜਾਣਗੇ, 5 ਦਸੰਬਰ ਨੂੰ 2 ਘੰਟੇ ਦਾ ਸੰਕੇਤਕ ਰੇਲ ਰੋਕੋ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਰੱਦ ਕੀਤਾ ਜਾਵੇ ਅਤੇ ਬਿਜਲੀ ਮਹਿਕਮੇ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਪਾਵਰਕਾਮ ਵਿਚ ਨਿੱਜੀਕਰਨ ਤਹਿਤ ਲਿਆਂਦੀ ਠੇਕੇਦਾਰੀ ਨੀਤੀ ਨੂੰ ਖਤਮ ਕਰਕੇ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ,ਚਿਪ ਵਾਲੇ ਮੀਟਰ ਜਬਰਦਸਤੀ ਲਾਉਣੇ ਬੰਦ ਕੀਤੇ ਜਾਣ, ਖੇਤੀ ਖੇਤਰ ਨੂੰ ਪ੍ਰਦੂਸ਼ਣ ਰੋਕੂ ਕਾਨੂੰਨ ਤੋਂ ਬਾਹਰ ਰੱਖਿਆ ਜਾਵੇ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਇੰਡਸਟਰੀ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹਨਾਂ ਦਿਨਾਂ ਵਿੱਚ ਕਿਸਾਨਾਂ ਉੱਤੇ ਪਰਾਲੀ ਨਾਲ ਸੰਬੰਧਿਤ ਪਾਏ ਕੇਸਾਂ ਨੂੰ ਰੱਦ ਕੀਤਾ ਜਾਵੇ। ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨ ਮੋਰਚੇ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਜਬਰੀ ਉਠਾਕੇ ਸਾਜੋ ਸਮਾਨ ਲੁਟਾਇਆ ਗਿਆ, ਦੀ ਭਰਪਾਈ ਕੀਤੀ ਜਾਵੇ। ਕਿਸਾਨ ਅੰਦੋਲਨਾਂ ਦੌਰਾਨ ਦਰਜ ਹੋਏ ਕੇਸ ਤੁਰੰਤ ਵਾਪਸ ਲਏ ਜਾਣ। ਇਸ ਮੌਕੇ ਗੁਰਦੇਵ ਗੱਜੂਮਾਜਰਾ, ਚਮਕੌਰ ਸਿੰਘ ਭੇਡਪੁਰਾ, ਗੁਰਵਿੰਦਰ ਸਿੰਘ ਸਾਦਰਪੁਰ, ਪਰਵਿੰਦਰ ਬਾਬਰਪੁਰ, ਯਾਦਵਿੰਦਰ ਬੁਰੜ,ਜਗਮੇਲ ਬੰਮਣਾ, ਪਰਮਜੀਤ ਹਰਦਾਸਪੁਰ, ਗਮਦੂਰ ਬਾਬਰਪੁਰ, ਤੇਜਿੰਦਰ ਰਾਜਗੜ੍ਹ, ਮਨਦੀਪ ਭੂਤਗੜ੍ਹ, ਹਰਬੰਸ ਬਾਰਨ ਆਦਿ ਹਾਜਰ ਸਨ।