- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ’ਚ ਸ਼ਾਮਲ ਜਥੇਬੰਦੀਆਂ ਨੇ ਪ੍ਰਬੰਧਕੀ ਕੰਪਲੈਕਸ ਅੱਗੇ ਕਿਸਾਨੀ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਵਿਸ਼ਾਲ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਕਰਵਾਏ। ਪੰਜਾਬ ਦੇ ਖੇਤੀ ਸੰਕਟ ਨੂੰ ਹੱਲ ਕਰਨ ਲਈ ਲਾਭਕਾਰੀ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕੀਤੀ ਜਾਵੇ ਤਾਂ ਜੋ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਪਾਣੀ ਦਾ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਸੰਕਟ ਜਿੱਥੇ ਚਿੰਤਾ ਦਾ ਵਿਸ਼ਾ ਹੈ, ਉੱਥੇ ਹੀ ਖੇਤੀ ਮਾਹਰਾਂ ਦੀ ਰਿਪੋਰਟ ਮੁਤਾਬਿਕ ਜ਼ਮੀਨ ਹੇਠਲਾ ਪਾਣੀ 2039 ਤੱਕ ਖਤਮ ਹੋਣ ਦਾ ਜਤਾਇਆ ਜਾ ਰਿਹਾ ਖਦਸ਼ਾ ਭਵਿੱਖ ’ਚ ਹੋਣ ਵਾਲੀ ਖੇਤੀ ਲਈ ਵਿਨਾਸ਼ਾਕਾਰੀ ਸਿੱਧ ਹੋ ਸਕਦਾ ਹੈ। ਇਸ ਲਈ ਜਿੱਥੇ ਪਾਣੀ ਦੀ ਸਾਂਭ—ਸੰਭਾਲ ਅਤੇ ਸ਼ੁੱਧਤਾ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ, ਉੱਥੇ ਹੀ ਹੜ੍ਹਾਂ ਨੂੰ ਕੰਟਰੋਲ ਕਰਨ, ਅਜਾਈ ਜਾ ਰਹੇ ਪਾਣੀ ਨੂੰ ਸੰਭਾਲਣ ਅਤੇ ਢੁੱਕਵੀਂ ਭੰਡਾਰਨ ਸਮਰੱਥਾ ਲਈ ਡੈਮਾਂ, ਦਰਿਆਵਾਂ ਤੇ ਹੈੱਠ ਵਰਕਸ ਦੀ ਡੀ—ਸਿਲਟਿੰਗ ਕਰਨ ਦੀ ਵੀ ਜ਼ਰੂਰਤ ਹੈ। ਮੰਗਾਂ ਸਬੰਧੀ ਬੋਲਦਿਆਂ ਬੁਲਾਰਿਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਕਰਜ਼ੇ ਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਦਾ ਸਿ਼ਕਾਰ ਹੋਇਆਂ ਦੇ ਵਾਰਸਾ ਨੂੰ 10 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦੇਣਾ, ਬੀਜ ਅਤੇ ਬਿਜਲੀ ਬਿਲ 2025 ਨੂੰ ਵਾਪਸ ਲਿਆ ਜਾਵੇ, ਗੰਨੇ ਦੀ ਕੀਮਤ 500 ਰੁ: ਪ੍ਰਤੀ ਕੁਇੰਟਲ ਦਾ ਐਲਾਨ ਕਰਕੇ ਗੰਨਾ ਕਾਸ਼ਤਕਾਰਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਅਮਰੀਕਾ ਦੇ ਦਬਾਅ ਹੇਠ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕਰਕੇ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਮੁਕਤ ਵਪਾਰ ਸਮਝੌਤੇ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ ਆਦਿ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚਾ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ, ਬੀਕੇਯੂ ਉਗਰਾਹਾਂ ਤੋਂ ਬਲਰਾਜ ਜੋਸ਼ੀ, ਸੁਖਮਿੰਦਰ ਸਿੰਘ ਬਾਰਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਅਵਤਾਰ ਸਿੰਘ ਕੌਰਜੀਵਾਲਾ, ਬੂਟਾ ਸਿੰਘ ਸ਼ਾਦੀਪੁਰ, ਨਰਿੰਦਰ ਸਿੰਘ ਲੇਹਲਾਂ, ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਤੁੱਲੇਵਾਲ, ਰਾਮਿੰਦਰ ਸਿੰਘ ਪਟਿਆਲਾ, ਗੁਲਜਾਰ ਸਿੰਘ ਸਲੇਮਪੁਰ, ਰਾਮ ਸਿੰਘ ਮਟੋਰੜਾ, ਨਰਸਿੰਗ ਸਟਾਫ ਤੋਂ ਕੁਲਵਿੰਦਰ ਕੌਰ, ਜਗਪਾਲ ਸਿੰਘ, ਗੁਰਬਚਨ ਸਿੰਘ, ਧਰਮਪਾਲ ਸਿੰਘ ਸੀਲ, ਜਗਮੇਲ ਸਿੰਘ ਸੁੱਧੇਵਾਲ, ਦਰਸ਼ਨ ਬੇਲੂਮਾਜਰਾ, ਹਰਬੰਸ ਸਿੰਘ, ਪਵਨ ਕੁਮਾਰ ਸੋਗਲਪੁਰ, ਹਰਿੰਦਰ ਸਿੰਘ ਲਾਖਾ, ਬ੍ਰਿਜ ਲਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ।