ਕਿਸਾਨਾਂ ਤੇ ਮਜ਼ਦੂਰਾਂ ਨੇ ਲੈਂਡ ਪੂਲਿੰਗ ਨੀਤੀ ਦੀਆਂ ਕਾਪੀਆਂ ਸਾੜੀਆਂ ਕਿਸਾਨ ਤੇ ਮਜ਼ਦੂਰ ਨੇ ਲੈਂਡ ਪੂਲਿੰਗ ਨੀਤੀ ਦੀਆਂ ਕਾਪੀਆਂ ਸਾੜੀਆਂ
Publish Date: Fri, 10 Jul 2026 07:29 PM (IST)
Updated Date: Fri, 10 Jul 2026 07:30 PM (IST)
– ਰਾਜਪਾਲ ਤੇ ਮੁੱਖ ਮੰਤਰੀ ਦੇ ਨਾਂ ਭੇਜਿਆ ਮੰਗ ਪੱਤਰ ਕਰਮਵੀਰ ਸਿੰਘ ਮਰਦਾਂਪੁਰ, •ਪੰਜਾਬੀ ਜਾਗਰਣ •ਘਨੌਰ : ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀਆਂ ਤਹਿਸੀਲ ਇਕਾਈਆਂ ਵੱਲੋਂ ਸਾਂਝੇ ਤੌਰ ’ਤੇ ਨਾਇਬ ਤਹਿਸੀਲਦਾਰ ਘਨੌਰ ਰਾਹੀਂ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਕਾਮਰੇਡ ਧਰਮਪਾਲ ਸਿੰਘ ਸੀਲ ਅਤੇ ਜ਼ਿਲ੍ਹਾ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਡਾ. ਵਿਜੇਪਾਲ ਦੀ ਸਾਂਝੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਤਿੱਖਾ ਵਿਰੋਧ ਕਰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਧਰਮਪਾਲ ਸਿੰਘ ਸੀਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਖੇਤੀ ਸੈਕਟਰ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ ਅਤੇ ਭਾਰਤ-ਅਮਰੀਕਾ ਵਿਚਾਲੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਲਈ ਕਾਨੂੰਨੀ ਗਾਰੰਟੀ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਾਗੂ ਕੀਤਾ ਜਾਵੇ, ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣ ਅਤੇ ਖਾਦਾਂ, ਬੀਜਾਂ ਤੇ ਸਿੰਚਾਈ ਸਹੂਲਤਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ। ਡਾ. ਵਿਜੇ ਪਾਲ ਨੇ ਕਿਹਾ ਕਿ ਮਨਰੇਗਾ ਨੂੰ ਕਮਜ਼ੋਰ ਕਰਨ ਲਈ ਲਗਾਈਆਂ ਗਈਆਂ ਨਵੀਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਅਤੇ ਸਾਲ ਵਿੱਚ ਘੱਟੋ-ਘੱਟ 200 ਦਿਨ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਬੇਜ਼ਮੀਨੇ ਪੇਂਡੂ ਪਰਿਵਾਰਾਂ ਨੂੰ ਖੇਤੀ ਅਤੇ ਰਿਹਾਇਸ਼ ਲਈ ਜ਼ਮੀਨ, 10-10 ਮਰਲੇ ਦੇ ਪਲਾਟ, ਮਕਾਨ ਬਣਾਉਣ ਲਈ ਮਾਲੀ ਸਹਾਇਤਾ ਅਤੇ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ ਦੀ ਵੀ ਮੰਗ ਕੀਤੀ। ਧਰਨੇ ਉਪਰੰਤ ਨਾਇਬ ਤਹਿਸੀਲਦਾਰ ਘਨੌਰ ਨੂੰ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮਨਰੇਗਾ ਪ੍ਰਧਾਨ ਪ੍ਰੇਮ ਸਿੰਘ ਘਨੌਰ, ਤਹਿਸੀਲ ਪ੍ਰਧਾਨ ਬਲਕਾਰ ਸਿੰਘ ਪੰਡਤਾਂ, ਚਰਨਜੀਤ ਸਿੰਘ ਪੰਡਤਾਂ, ਜ਼ਿਲ੍ਹਾ ਕਮੇਟੀ ਮੈਂਬਰ ਜਸਪਾਲ ਕੁਮਾਰ ਘਨੌਰ, ਸੀਟੂ ਆਗੂ ਸੁਨੀਲ ਕੁਮਾਰ ਹਰਪਾਲਪੁਰ, ਤਰਸੇਮ ਚੰਦ ਅਜਰਾਵਰ, ਮੋਹਨ ਸਿੰਘ ਅਜਰਾਵਰ, ਜਸਵੀਰ ਕੌਰ ਸਨੌਲੀਆਂ, ਸਰਬਜੀਤ ਕੌਰ ਸਨੌਲੀਆਂ, ਯਾਦਵਿੰਦਰ ਸਿੰਘ ਸੀਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।