ਪਿੰਡ ਸੀਲ ਵਿਖੇ ਭਾਜਪਾ ਤੇ ਰਾਜਪਾਲ ਦੇ ਪੁਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਪਿੰਡ ਸੀਲ ਵਿਖੇ ਭਾਜਪਾ ਅਤੇ ਰਾਜਪਾਲ ਦੇ ਪੁਤਲੇ ਸਾੜਕੇ ਕੀਤਾ ਰੋਸ ਪ੍ਰਦਰਸ਼ਨ
Publish Date: Sun, 17 May 2026 04:29 PM (IST)
Updated Date: Sun, 17 May 2026 04:30 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪਿੰਡ ਸੀਲ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੀਆਂ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਸੀਲ ਦੀ ਅਗਵਾਈ ਹੇਠ ਭਾਜਪਾ ਤੇ ਪੰਜਾਬ ਦੇ ਰਾਜਪਾਲ ਦੇ ਪੁਤਲੇ ਫੂਕੇ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਧਰਮਪਾਲ ਸਿੰਘ ਸੀਲ ਨੇ ਕਿਹਾ ਕਿ ਚੰਡੀਗੜ੍ਹ ਵਿਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਲੋਕਤੰਤਰਿਕ ਹੱਕਾਂ ’ਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਮੰਗ ਪੱਤਰ ਦੇਣਾ ਚਾਹੁੰਦੇ ਸਨ, ਪਰ ਰਾਜਪਾਲ ਵੱਲੋਂ ਮੰਗ ਪੱਤਰ ਨਾ ਲੈਣਾ ਸੰਵਿਧਾਨਕ ਅਧਿਕਾਰਾਂ ਦੇ ਖ਼ਿਲਾਫ਼ ਹੈ। ਸੀਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਪੂਰੀ ਤਰ੍ਹਾਂ ਭਾਜਪਾ ਦੀ ‘ਬੀਟੀਮ’ ਹੋਣ ਦੇ ਰੂਪ ਵਿਚ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਦਬਾਅ ਬਣਾ ਕੇ ਸਰਕਾਰ ਆਪਣਾ ਅਸਲੀ ਚਿਹਰਾ ਦਿਖਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਹਰ ਵਾਰ ਉਨ੍ਹਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੁਣ ਭਾਜਪਾ ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ ਤੇ ਪਿੰਡ-ਪਿੰਡ ਜਾ ਕੇ ਸੂਬਾ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਸ ਮੌਕੇ ਮਨਜੀਤ ਸਿੰਘ ਨੰਬਰਦਾਰ, ਤਰਸੇਮ ਚੰਦ ਅਜਰਾਵਰ, ਗੁਰਜੀਤ ਸਿੰਘ ਅਜਰਾਵਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।