- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨ ਆਗੂ ਐੱਸਈ ਨੂੰ ਮਿਲੇ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਲਈ ਦਿੱਤੀ ਜਾਂਦੀ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਪਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਦੇ ਐੱਸਈ ਨੂੰ ਮੰਗ ਪੱਤਰ ਸੌਂਪਿਆ। ਕਿਸਾਨ ਆਗੂਆਂ ਨੇ ਐਸਸੀ ਨੂੰ ਦੱਸਿਆ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਜੇਕਰ ਇਹ ਸਮੱਸਿਆ ਜਾਰੀ ਰਹੀ ਤਾਂ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਐੱਸਈ ਦੇ ਧਿਆਨ ਵਿਚ ਲਿਆਂਦਾ ਕਿ ਝੋਨੇ ਦੀ ਫ਼ਸਲ ਲਈ ਇਸ ਸਮੇਂ ਬਿਜਲੀ ਦੀ ਲਗਾਤਾਰ ਲੋੜ ਹੈ। ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਕਰਨ ਵਿਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਦਾ ਇਹੀ ਹਾਲ ਰਿਹਾ ਤਾਂ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਇਸ ਲਈ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਕਰਕੇ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਈ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਇਸ ਲਈ ਪੰਜਾਬ ਸਰਕਾਰ ਤੇ ਬਿਜਲੀ ਮਹਿਕਮੇ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਜੇਕਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।