- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੇ ਹੱਕਾਂ ਲਈ ਘਨੌਰ ਵਿੱਚ ਗੱਜੇ ਕਿਸਾਨ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ’ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਹਰੀ ਨੌ ਵਿਚ ਖੁਦਕੁਸ਼ੀ ਕਰਨ ਵਾਲੇ ਦੋ ਸਕੇ ਭਰਾਵਾਂ ਨੂੰ ਇਨਸਾਫ਼ ਦਿਵਾਉਣ ਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਤੀ ਜਾਣ ਵਾਲੀ ਨੀਲਾਮੀ ਨੂੰ ਰੋਕਣ ਲਈ ਪੰਜਾਬ ਭਰ ਦੀਆਂ ਲੈਂਡ ਮੋਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਜ਼ਿਲ੍ਹਾ ਪਟਿਆਲਾ ਦੇ ਬਲਾਕ ਘਨੌਰ ਵਿਚ ਬੀਕੇਯੂ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਲੈਂਡ ਮੋਰਗੇਜ ਬੈਂਕ ਘਨੌਰ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪਿੰਡ ਹਰੀ ਨੌ ਦੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਭਰਾਵਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਦੋ ਛੋਟੀਆਂ ਧੀਆਂ ਸਮੇਤ ਪਰਿਵਾਰ ਦੇ ਗੁਜ਼ਾਰੇ ਲਈ ਸਰਕਾਰ ਵੱਲੋਂ ਯੋਗ ਪ੍ਰਬੰਧ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਦੀਪ ਸਿੰਘ ਅਲੂਣਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਫਸਲਾਂ ਦੇ ਭਾਅ ਦੀ ਗਾਰੰਟੀ ਦੇਣ ਲਈ ਐੱਮਐੱਸਪੀ ਦਾ ਕਾਨੂੰਨ ਨਹੀਂ ਬਣਾਇਆ ਗਿਆ ਅਤੇ ਸੂਬਾ ਸਰਕਾਰ ਵੱਲੋਂ ਵੀ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ 20 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲਈ ਪਾਲਿਸੀ ਲਿਆਂਦੀ ਜਾ ਰਹੀ ਹੈ, ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਬੀਕੇਯੂ ਏਕਤਾ ਸਿੱਧੂਪੁਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਫਸਲਾਂ ਦੇ ਘੱਟ ਭਾਅ, ਆਲੂ ਦੀ ਫਸਲ ਵਿਚ ਪਏ ਘਾਟੇ ਅਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਰਜ਼ਾਈ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਸਮਾਜਿਕ ਤੌਰ ’ਤੇ ਜ਼ਲੀਲ ਕਰਨ ਦੇ ਡਰ ਕਾਰਨ ਹੀ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਸਬੰਧਤ ਬੈਂਕ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜਿਵੇਂ ਸਰਕਾਰਾਂ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮਾਫ ਕੀਤੇ ਜਾਂਦੇ ਹਨ, ਉਸੇ ਤਰ੍ਹਾਂ ਕਿਸਾਨਾਂ ਦੇ ਕਰਜ਼ੇ ਵੀ ਮਾਫ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਸਤਪਾਲ ਸਿੰਘ ਮਹਿਮਦਪੁਰ, ਦਲਜੀਤ ਸਿੰਘ ਕਾਲਾ, ਬੇਅੰਤ ਸਿੰਘ ਝੁੰਗੀਆਂ, ਗੁਰਪ੍ਰੀਤ ਸਿੰਘ ਸੀਲ ਯੂਥ ਪ੍ਰਧਾਨ, ਜਗਦੀਪ ਸਿੰਘ ਕਰਨਪੁਰ ਯੂਥ ਪ੍ਰਧਾਨ, ਪਵਿੱਤਰ ਸਿੰਘ ਸੀਲ, ਲਖਵੀਰ ਸਿੰਘ ਸੀਲ, ਮਨਜੀਤ ਸਿੰਘ ਕਾਮੀ ਛਿੰਦਾ, ਸੋਨੀ ਸ਼ਾਹਪੁਰ, ਜਸਵੀਰ ਪੰਡਤਾਂ, ਗੁਰਜੰਟ ਸਿੰਘ ਖੇੜੀ, ਜੰਗ ਵਿਰਕ, ਗੁਰਸੱਜਣ ਘੁਮਾਣ, ਦਰਸ਼ਨ ਸਿੰਘ ਨਰੜੂ, ਅਵਤਾਰ ਸਿੰਘ ਰਾਉਮਾਜਰਾ, ਬਲਜੀਤ ਸਿੰਘ ਹਰਪਾਲਪੁਰ, ਗਮਦੂਰ ਸਿੰਘ ਰਾਏਪੁਰ, ਜਰਨੈਲ ਸਿੰਘ ਰਾਏਪੁਰ, ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੋਲੀ, ਦਰਸਨ ਸਿੰਘ ਫਰੀਦਪੁਰ, ਮਾਨ ਸਿੰਘ ਲੱਖੋਮਾਜਰਾ, ਚੂਹੜ ਸਿੰਘ ਨੌਗਾਵਾਂ ਸਮੇਤ ਹੋਰ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।