- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਫ਼ਸਲ ਵੱਢਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਪਟਿਆਲਾ : ਢੀਂਗੀ ਦੇ ਦਲਿਤ ਮਜ਼ਦੂਰਾਂ ਦੇ ਹੱਕਾਂ ਲਈ 23 ਨੂੰ ਐੱਸਡੀਐੱਮ ਤੇ ਡੀਐੱਸਪੀ ਦਫ਼ਤਰਾਂ ਅੱਗੇ ਧਰਨਾ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਢੀਂਗੀ ਦੇ ਦਲਿਤ ਮਜ਼ਦੂਰਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ 23 ਨਵੰਬਰ ਨੂੰ ਐੱਸਡੀਐੱਮ ਤੇ ਡੀਐੱਸਪੀ ਨਾਭਾ ਦੇ ਦਫ਼ਤਰਾਂ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਧਰਮਵੀਰ ਹਰੀਗੜ੍ਹ ਤੇ ਬਲਾਕ ਪ੍ਰਧਾਨ ਜਗਰੂਪ ਢੀਂਗੀ ਨੇ ਦੱਸਿਆ ਕਿ ਪਿੰਡ ਵਿੱਚ ਸ਼ਾਮਲਾਤ ਜ਼ਮੀਨ ਦੀ ਬੋਲੀ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਮਜ਼ਦੂਰਾਂ ਵੱਲੋਂ ਆਪਣੇ ਹਿੱਸੇ ਦੀ ਜ਼ਮੀਨ ਪੂਰੀ ਕਰਵਾਉਣ, ਖੇਤ ਨੂੰ ਜਾਂਦਾ ਰਸਤਾ ਬਣਵਾਉਣ ਅਤੇ ਰੱਦ ਕੀਤੀ ਬੋਲੀ ਮੁੜ ਕਰਵਾਉਣ ਦੀ ਮੰਗ ਨੂੰ ਲੈ ਕੇ ਪੱਕਾ ਮੋਰਚਾ ਲਗਾਇਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਸੁਣਵਾਈ ਨਾ ਹੋਣ ਕਾਰਨ ਮਜ਼ਦੂਰਾਂ ਨੇ ਜ਼ਮੀਨ ਵਿੱਚ ਝੋਨੇ ਦੀ ਫ਼ਸਲ ਬੀਜ ਦਿੱਤੀ ਸੀ, ਪਰ ਪੁਲਿਸ ਨੇ ਬੀਡੀਪੀਓ ਦੀ ਕਥਿਤ ਸ਼ਹਿ ’ਤੇ ਉਨ੍ਹਾਂ ਖ਼ਿਲਾਫ਼ ਨਾਜਾਇਜ਼ ਕਬਜ਼ੇ ਦਾ ਮਾਮਲਾ ਦਰਜ ਕਰ ਦਿੱਤਾ। ਆਗੂਆਂ ਅਨੁਸਾਰ ਜਦੋਂ ਫ਼ਸਲ ਪੱਕ ਕੇ ਤਿਆਰ ਹੋ ਗਈ ਤਾਂ ਮਜ਼ਦੂਰਾਂ ਦੀ ਗੈਰ-ਹਾਜ਼ਰੀ ’ਚ ਕੁਝ ਧਨਾਢ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਇਸ ਨੂੰ ਵੱਢ ਲਿਆ ਗਿਆ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।ਕਮੇਟੀ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੀ ਫ਼ਸਲ ਵਾਪਸ ਕਰਵਾਈ ਜਾਵੇ ਅਤੇ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ, ਕੰਬਾਈਨ ਤੇ ਟਰੈਕਟਰ ਮਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਦੀਪ ਸਿੰਘ ਹਰੀਗੜ੍ਹ, ਗੁਰਮੀਤ ਕੌਰ ਹਰੀਗੜ੍ਹ, ਲਖਬੀਰ ਸਿੰਘ ਮੰਡੌੜ ਅਤੇ ਮਨੀ ਮੱਲੇਵਾਲ ਵੀ ਹਾਜ਼ਰ ਸਨ।