ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਗ ਦੇਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਗ ਦੇਣ ਦੀ ਸ਼ੁਰੂਆਤ
Publish Date: Wed, 12 Aug 2026 04:34 PM (IST)
Updated Date: Wed, 12 Aug 2026 04:35 PM (IST)
ਲੌਂਗੋਵਾਲ ਵਿੱਚ 5,710 ਸਕੂਲੀ ਵਿਦਿਆਰਥਣਾਂ ਨੂੰ ਵੰਡੇ ਬੈਗ ਕਰਨਵੀਰ ਸਿੰਘ ਲੋਂਗੋਵਾਲ/ ਪੰਜਾਬੀ ਜਾਗਰਣ, ਲੌਂਗੋਵਾਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਲੌਂਗੋਵਾਲ ਦੇ ਸ਼ਹੀਦ ਭਗਵਾਨ ਸਿੰਘ ਸਰਕਾਰੀ ਸਮਾਰਟ ਸਕੂਲ (ਕੰਨਿਆਂ) ਵਿਖੇ ਕੀਤੀ। ਇਸ ਮੌਕੇ ਅਰੋੜਾ ਦੀ ਧਰਮਪਤਨੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ। ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੰਤਵ ਵਿਦਿਆਰਥੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਨੇ ਐਨ.ਈ.ਈ.ਟੀ ਅਤੇ ਜੇ.ਈ.ਈ. ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ, ਨਾਨ-ਮੈਡੀਕਲ, ਡਿਫੈਂਸ ਅਤੇ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੜਕੀਆਂ ਨੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਹਾਜ਼ਰ ਸਨ।