- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2600 ਐਪ੍ਰੈਂਟਿਸ ਲਾਈਨਮੈਨਾਂ ਵੱਲੋਂ ਰੋਸ ਪ੍ਰਦਰਸ਼ਨ

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ : ਪਾਵਰਕਾਮ ਨਾਲ ਸਬੰਧਿਤ 2600 ਐਪ੍ਰੈਂਟਿਸ ਲਾਈਨਮੈਨ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਫੁਹਾਰਾ ਚੌਕ ਜਾਮ ਕਰਕੇ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੈਨੇਜਮੈਂਟ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਹਾਇਕ ਲਾਈਨਮੈਨ ਵਜੋਂ ਜੁਆਇੰਨ ਨਹੀਂ ਕਰਵਾਇਆ ਜਾਂਦਾ ਤਾਂ ਜਲਦੀ ਹੀ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਵੱਲੋਂ ਫੁਹਾਰਾ ਚੌਕ ਜਾਮ ਕਰਨ ਤੋਂ ਬਾਅਦ ਮੁੜ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਮੀਟਿੰਗ ਕਰਵਾ ਕੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪਾਵਰਕਾਮ ਦੇ ਮੁੱਖ ਦਫ਼ਤਰ ਦਾ ਦੂਜਾ ਗੇਟ ਵੀ ਬੰਦ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਫਤਿਹ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਕਈ ਮੁਲਾਜ਼ਮਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਵਾਉਣਾ, ਗੈਰ-ਹਾਜ਼ਰੀਆਂ ਕਲੀਅਰ ਕਰਵਾਉਣਾ ਅਤੇ ਅਦਾਲਤ ਵਿਚ ਚੱਲ ਰਹੇ 12 ਪਟੀਸ਼ਨਰਾਂ ਦੇ ਮਾਮਲੇ ਵਿਚ ਰਿਪਲਾਈ ਪੇਸ਼ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਡਿਪਾਰਟਮੈਂਟ ਵੱਲੋਂ ਦੋ/ਦੋ ਪੇਪਰ ਪਾਸ ਕਰਨ ਦੇ ਬਾਵਜੂਦ ਵੀ ਜੁਆਇੰਨ ਨਹੀਂ ਕਰਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ 40 ਵਿਧਾਇਕਾਂ ਨੂੰ ਮੰਗ ਪੱਤਰ ਵੀ ਸੌਪ ਚੁੱਕੇ ਨੇ ਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਸਖ਼ਤ ਚੇਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਜੁਆਇੰਨ ਨਾ ਕਰਵਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਪ੍ਰੋਗਰਾਮਾਂ ਦਾ ਪੂਰੇ ਪੰਜਾਬ ਚ ਵਿਰੋਧ ਕੀਤਾ ਜਾਵੇਗਾ ਤੇ ਪਿੰਡਾ ਵਿਚ ਆਉਣ ’ਤੇ ਸਵਾਲ ਪੁੱਛੇ ਜਾਣਗੇ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਦੀ ਮੈਨੇਜਮੈਂਟ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਵਾਈ ਗਈ। ਖਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ।