ਪ੍ਰਦੀਪ ਭਨੋਟ, ਨਵਾਂਸ਼ਹਿਰ

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ 14 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰਰੀਤ ਕੌਰ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਕੇਸ, ਸੈਕਸ਼ਨ 138 ਅਧੀਨ ਐੱਨਆਈ ਐਕਟ ਦੇ ਕੇਸਾਂ, ਬੈਂਕ ਰਿਕਵਰੀ ਕੇਸਾਂ, ਐੱਮਏਸੀਟੀ ਕੇਸਾਂ, ਲੇਬਰ ਝਗੜਿਆਂ ਨਾਲ ਸਬੰਧਤ ਕੇਸਾਂ, ਮੈਟਰੀਮੋਨੀਅਲ, ਬਿਜਲੀ ਤੇ ਪਾਣੀ ਦੇ ਬਿੱਲਾਂ, ਤਨਖਾਹ, ਭੱਤੇ ਅਤੇ ਹੋਰ ਸਬੰਧਤ ਮਾਮਲਿਆਂ, ਅਦਾਲਤਾਂ ਵਿਚ ਬਕਾਇਆ ਰੈਵੇਨਿਊ ਕੇਸਾਂ ਅਤੇ ਹੋਰ ਸਿਵਲ ਕੋਰਟਾਂ ਦੇ ਕੇਸ ਸਬੰਧਤ ਧਿਰਾਂ ਦੀ ਸਹਿਮਤੀ ਨਾਲ ਸੁਣੇ ਅਤੇ ਨਿਬੇੜੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।