
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਦਨ ਲਾਲ ਢੀਂਗਰਾ ਦੀ ਕੁਰਬਾਨੀ ਪ੍ਰੇਰਣਾ ਦਾ ਸਰੋਤ: ਮਹਿਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਸ਼ਹੀਦ ਮਦਨ ਲਾਲ ਢੀਂਗਰਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸ਼ਹੀਦ ਦੀ ਯਾਦ ਵਿਚ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ ਕੀਤੀ। ਚੇਅਰਮੈਨ ਮਹਿਤਾ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਦੇਸ਼ ਵਾਸੀਆਂ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਢੀਂਗਰਾ ਜੀ ਨੇ ਦੇਸ਼ ਦੀ ਆਜ਼ਾਦੀ ਲਈ ਨਿਡਰਤਾ ਨਾਲ ਆਪਣਾ ਜੀਵਨ ਕੁਰਬਾਨ ਕੀਤਾ ਅਤੇ ਉਨ੍ਹਾਂ ਦੀ ਦੇਸ਼ਭਗਤੀ, ਦ੍ਰਿੜ੍ਹਤਾ ਤੇ ਮਾਤ ਭੂਮੀ ਪ੍ਰਤੀ ਸਮਰਪਣ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਵਰਗੇ ਮਹਾਨ ਯੋਧਿਆਂ ਦੀ ਸੋਚ ਤੇ ਦੇਸ਼ ਪ੍ਰਤੀ ਸਮਰਪਣ ਨੌਜਵਾਨਾਂ ਨੂੰ ਆਪਣੇ ਦੇਸ਼ ਅਤੇ ਸਮਾਜ ਲਈ ਕੁਝ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਫਾਊਂਡੇਸ਼ਨ ਵੱਲੋਂ ਸ਼ਹੀਦ ਦੀ ਯਾਦ ਨੂੰ ਜਿਊਂਦਾ ਰੱਖਣ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਫਾਊਂਡੇਸ਼ਨ ਦੇ ਕਨਵੀਨਰ ਨਵਦੀਪ ਢੀਂਗਰਾ ਨੇ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਲਈ ਫਾਊਂਡੇਸ਼ਨ ਵੱਲੋਂ ਜਲਦ ਹੀ ਵਿਸ਼ੇਸ਼ ਯਾਦਗਾਰੀ ਲੈਕਚਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲੈਕਚਰ ਰਾਹੀਂ ਨੌਜਵਾਨਾਂ ਨੂੰ ਢੀਂਗਰਾ ਜੀ ਦੇ ਜੀਵਨ, ਵਿਚਾਰਧਾਰਾ, ਦੇਸ਼ਭਗਤੀ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਨੂੰ ਸ਼ਹੀਦਾਂ ਦੇ ਇਤਿਹਾਸ ਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨ ਲਈ ਹੋਰ ਵੀ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਸਾਬਕਾ ਪ੍ਰਿੰਸੀਪਲ ਜੇਲ੍ਹ ਟ੍ਰੇਨਿੰਗ ਸਕੂਲ ਰਾਕੇਸ਼ ਸ਼ਰਮਾ ਪੀਪੀਐਸ, ਸਾਬਕਾ ਕੈਪਟਨ ਲਖਵਿੰਦਰ ਸਿੰਘ, ਦੀਪਕ ਵਰਮਾ, ਅਜੈ ਮਲਹੋਤਰਾ, ਗੁਲਜ਼ਾਰ ਪਟਿਆਲਵੀ, ਭੂਪਿੰਦਰ ਸਿੰਘ ਵੜੈਚ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ।