ਮਜ਼ਦੂਰਾਂ ਦੇ ਹੱਕਾਂ ਲਈ ਕੈਂਥ ਦਾ ਸੰਘਰਸ਼ ਤੇਜ਼
ਮਜ਼ਦੂਰਾਂ ਦੇ ਹੱਕਾਂ ਲਈ ਕੈਂਥ ਦਾ ਸੰਘਰਸ਼ ਤੇਜ਼,
Publish Date: Fri, 17 Apr 2026 09:34 PM (IST)
Updated Date: Sat, 18 Apr 2026 04:16 AM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਅੱਜ ਇੱਕ ਮਜ਼ਬੂਤ ਵਫ਼ਦ ਨੇ ਨਗਰ ਸੁਧਾਰ ਟਰੱਸਟ ਨਾਭਾ ਦੇ ਕਾਰਜਕਾਰੀ ਅਧਿਕਾਰੀ ਯੋਗੇਸ਼ ਸ਼ਰਮਾ ਨਾਲ ਮੁਲਾਕਾਤ ਕਰਦੇ ਹੋਏ ਦਿਹਾੜੀਦਾਰ ਮਜ਼ਦੂਰਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਕੈਂਥ ਨੇ ਦੱਸਿਆ ਕਿ ਪਿਛਲੇ 25–30 ਸਾਲਾਂ ਤੋਂ ਨਾਭਾ ਦੇ ਮੇਹਸ ਸੱਚਰੀ ਰੋਡ ‘ਤੇ ਫ੍ਰੋਜ਼ਨ ਸੀਮਨ ਸਟੇਸ਼ਨ ਨੇੜੇ ਕਰੀਬ 200 ਮਜ਼ਦੂਰ ਹਰ ਰੋਜ਼ ਰੋਜ਼ਗਾਰ ਦੀ ਤਲਾਸ਼ ਵਿੱਚ ਇਕੱਠੇ ਹੁੰਦੇ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਹੈ, ਜੋ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਨੂੰ ਦਰਸਾਉਂਦਾ ਹੈ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਲਈ ਤੁਰੰਤ ਸ਼ੈਡ ਦੀ ਵਿਵਸਥਾ ਕੀਤੀ ਜਾਵੇ, ਸਾਫ਼ ਪੀਣ ਵਾਲੇ ਪਾਣੀ ਦੀ ਸੁਵਿਧਾ ਦਿੱਤੀ ਜਾਵੇ ਅਤੇ ਖਾਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਅ ਲਈ ਸਥਾਨ ਨੂੰ ਇੰਟਰਲਾਕਿੰਗ ਟਾਈਲਾਂ ਜਾਂ ਇੱਟਾਂ ਨਾਲ ਪੱਕਾ ਕੀਤਾ ਜਾਵੇ। ਕਾਰਜਕਾਰੀ ਅਧਿਕਾਰੀ ਯੋਗੇਸ਼ ਸ਼ਰਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਲਿਆ ਜਾਵੇਗਾ ਤੇ ਜਲਦ ਹੀ ਚੇਅਰਮੈਨ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਢੁੱਕਵਾਂ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮਜ਼ਦੂਰਾਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਕੈਂਥ ਨੇ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਕਿਸਮ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਵਫ਼ਦ ਨੇ ਉਮੀਦ ਜਤਾਈ ਕਿ ਪ੍ਰਸ਼ਾਸਨ ਜਲਦੀ ਕਾਰਵਾਈ ਕਰਕੇ ਮਜ਼ਦੂਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ। ਇਸ ਮੌਕੇ ‘ਤੇ ਦਿਹਾੜੀਦਾਰ ਮਜ਼ਦੂਰ ਯੂਨੀਅਨ ਨਾਭਾ ਦੇ ਪ੍ਰਧਾਨ ਕੇਵਲ ਸਿੰਘ ਸਮੇਤ ਜਰਨੈਲ ਸਿੰਘ, ਗੁਰਦਰਸ਼ਨ ਸਿੰਘ, ਦੇਸ਼ਰਾਜ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਚੰਦ ਸਿੰਘ, ਨਿਰਭੈ ਸਿੰਘ, ਹਰਭਜਨ ਸਿੰਘ ਅਤੇ ਸਤਨਾਮ ਸਿੰਘ ਹਾਜ਼ਰ ਸਨ।