ਪਟਿਆਲਾ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ, DIG ਦੀ ਅਗਵਾਈ ਹੇਠ ਕਾਸੋ ਆਪ੍ਰੇਸ਼ਨ; 20 ਹੌਟਸਪੌਟ ਇਲਾਕਿਆਂ ਦੀ ਚੈਕਿੰਗ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਤਵਾਰ ਨੂੰ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਹਿਲ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਪੁਲਿਸ ਵੱਲੋਂ ਸ਼ਹਿਰ ਦੇ ਕਰੀਬ 20 ਹੌਟਸਪੌਟ ਇਲਾਕਿਆਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।
Publish Date: Sun, 04 Oct 2026 12:50 PM (IST)
Updated Date: Sun, 04 Oct 2026 12:51 PM (IST)
ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ-: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਤਵਾਰ ਨੂੰ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਹਿਲ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਪੁਲਿਸ ਵੱਲੋਂ ਸ਼ਹਿਰ ਦੇ ਕਰੀਬ 20 ਹੌਟਸਪੌਟ ਇਲਾਕਿਆਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।
ਆਪ੍ਰੇਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਿਹਾ। ਡੀਆਈਜੀ ਚਹਿਲ ਤੇ ਐਸਐਸਪੀ ਹਰਮਨ ਹੰਸ ਸਮੇਤ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਟੀਮਾਂ ਨੇ ਵੱਖ-ਵੱਖ ਸ਼ੱਕੀ ਥਾਵਾਂ, ਪੀਜੀ, ਹੋਟਲਾਂ ਅਤੇ ਉਨ੍ਹਾਂ ਥਾਵਾਂ ਦੀ ਤਲਾਸ਼ੀ ਲਈ, ਜਿੱਥੇ ਨਸ਼ਿਆਂ ਦੀ ਖਰੀਦ-ਫਰੋਖ਼ਤ ਹੋਣ ਦਾ ਖ਼ਦਸ਼ਾ ਸੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਸੋ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਜਿਸ ਤਹਿਤ ਪਟਿਆਲਾ ਦੇ ਕਰੀਬ 20 ਹੌਟਸਪੌਟ ਇਲਾਕਿਆਂ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਕਰੀਬ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਤਿੰਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੀਜੀ, ਸ਼ੱਕੀ ਹੋਟਲਾਂ ਅਤੇ ਹੋਰ ਸੰਭਾਵਿਤ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਹੈ। ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
ਐਸਐਸਪੀ ਹਰਮਨ ਹੰਸ ਨੇ ਦੱਸਿਆ ਕਿ ਹੌਟਸਪੌਟ ਵਜੋਂ ਉਨ੍ਹਾਂ ਇਲਾਕਿਆਂ ਦੀ ਪਛਾਣ ਕੀਤੀ ਜਾਂਦੀ ਹੈ, ਜਿੱਥੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਮੁੜ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਸ਼ੁਰੂ ਕਰ ਦਿੰਦੇ ਹਨ। ਅਜਿਹੇ ਵਿਅਕਤੀਆਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਇਨ੍ਹਾਂ ਇਲਾਕਿਆਂ ਵਿੱਚ ਮੁੜ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ।