ਗੰਦਗੀ ਦੇ ਢੇਰਾਂ 'ਚ ਘਿਰਿਆ ਮਾਲੇਰਕੋਟਲਾ , ਮੁਲਾਜ਼ਮ ਹੜਤਾਲ 'ਤੇ ਗੰਦਗੀ ਦੇ ਢੇਰਾਂ 'ਚ ਘਿਰਿਆ ਮਾਲੇਰਕੋਟਲਾ , ਮੁਲਾਜ਼ਮ ਹੜਤਾਲ 'ਤੇ
Publish Date: Tue, 28 Jul 2026 03:59 PM (IST)
Updated Date: Wed, 29 Jul 2026 04:01 AM (IST)
ਗੰਦਗੀ ਫੈਲਣ ਕਾਰਨ ਬਿਮਾਰੀਆਂ ਦਾ ਖਤਰਾ ਮੰਡਰਾਇਆ ਸੱਤਪਾਲ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਨਗਰ ਕੌਂਸਲ ਦੇ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾ ਪ੍ਰਭਾਵਿਤ ਹੋ ਗਿਆ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਗਲੀਆਂ-ਮੁਹੱਲਿਆਂ ਤੇ ਸੜਕਾਂ ਦੇ ਕਿਨਾਰਿਆਂ ’ਤੇ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਕਈ ਥਾਵਾਂ ’ਤੇ ਕੂੜੇ ਦੇ ਢੇਰਾਂ ’ਚੋਂ ਬਦਬੂ ਫੈਲ ਰਹੀ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਵਸਨੀਕਾਂ ਤੇ ਦੁਕਾਨਦਾਰਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ, ਜਿਸ ਕਾਰਨ ਆਵਾਰਾ ਪਸ਼ੂ ਕੂੜੇ ਨੂੰ ਹੋਰ ਫੈਲਾ ਰਹੇ ਹਨ। ਮੀਂਹ ਪੈਣ ਦੀ ਸੂਰਤ ਵਿਚ ਇਹ ਗੰਦਗੀ ਹੋਰ ਵੀ ਗੰਭੀਰ ਰੂਪ ਧਾਰਨ ਕਰ ਜਾਂਦੀ ਹੈ ਅਤੇ ਮੱਛਰਾਂ, ਮੱਖੀਆਂ ਸਮੇਤ ਹੋਰ ਕੀੜੇ-ਮਕੋੜਿਆਂ ਦੇ ਪੈਦਾ ਹੋਣ ਕਾਰਨ ਬਿਮਾਰੀਆਂ ਦਾ ਖ਼ਤਰਾ ਵਧ ਗਿਆ ਹੈ। ਲੋਕਾ ਦਾ ਕਹਿਣਾ ਹੈ ਕਿ ਇਸ ਨਾਲ ਡੇਂਗੂ, ਮਲੇਰੀਆ, ਟਾਈਫਾਇਡ ਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਬਣ ਰਹੀ ਹੈ। ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੇ ਦੇਸ਼ ਲਾਇਆ ਕਿ ਸ਼ਹਿਰ ਅੰਦਰ ਲੱਗੇ ਵੱਖ-ਵੱਖ ਜਗ੍ਹਾ ’ਤੇ ਕੂੜੇ ਦੇ ਢੇਰ ਲੱਗੇ ਹਨ। ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਪ੍ਰਤੀ ਪੂਰੀ ਤਰ੍ਹਾਂ ਬੇਪਰਵਾਹ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦਾ ਸਵਾਲ ਹੈ ਕਿ ਕੀ ਪ੍ਰਸ਼ਾਸਨ ਕਿਸੇ ਵੱਡੀ ਬਿਮਾਰੀ ਦੇ ਫੈਲਣ ਦੀ ਉਡੀਕ ਕਰ ਰਿਹਾ ਹੈ। ਸ਼ਹਿਰ ਦੇ ਕਈ ਸਮਾਜਿਕ ਤੇ ਰਾਜਨੀਤਿਕ ਆਗੂਆਂ ਨੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੇ ਕਿ ਮੁਲਾਜ਼ਮਾਂ ਦੀ ਹੜਤਾਲ ਦੇ ਮਾਮਲੇ ਦਾ ਜਲਦ ਹੱਲ ਕੱਢਿਆ ਜਾਵੇ ਤੇ ਵਿਕਲਪਕ ਪ੍ਰਬੰਧ ਕਰਕੇ ਸ਼ਹਿਰ ਵਿਚ ਜਮ੍ਹਾਂ ਹੋਈ ਗੰਦਗੀ ਨੂੰ ਤੁਰੰਤ ਰੁਕਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਲੋਕਾਂ ਦੀ ਸਿਹਤ ਨਾਲ ਜੁੜਿਆ ਬੁਨਿਆਦੀ ਮਸਲਾ ਹੈ ਤੇ ਇਸ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਸ਼ਹਿਰ ਦੇ ਵਸਨੀਕਾਂ ਨੇ ਦੱਸਿਆ ਕਿ ਕੂੜੇ ਦੇ ਢੇਰਾਂ ਕਾਰਨ ਰਾਹਗੀਰਾਂ ਨੂੰ ਵੀ ਮੁਸ਼ਕਿਲ ਆ ਰਹੀ ਹੈ ਅਤੇ ਕਈ ਥਾਵਾਂ ’ਤੇ ਬਦਬੂ ਕਾਰਨ ਖੜ੍ਹਾ ਹੋਣਾ ਵੀ ਔਖਾ ਹੋ ਗਿਆ ਹੈ। ਬਾਜ਼ਾਰਾਂ ਵਿਚ ਖਰੀਦਦਾਰੀ ਕਰਨ ਆਉਣ ਵਾਲੇ ਲੋਕ ਵੀ ਇਸ ਗੰਦਗੀ ਕਾਰਨ ਪ੍ਰੇਸ਼ਾਨ ਹਨ, ਜਿਸ ਦਾ ਅਸਰ ਵਪਾਰ ਤੇ ਵੀ ਪੈ ਰਿਹਾ ਹੈ। ਇਸ ਮੌਕੇ ਕੈਪਟਨ ਬਲਦੇਵ ਸਿੰਘ, ਮਹਿਲਾ ਆਗੂ ਜਗਸੀਰ ਕੌਰ ਭੱਟੀ ਨੇ ਮੁਲਾਜ਼ਮਾ ਦਾ ਸਮਰਥਣ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤੇ ਮੰਗ ਕੀਤੀ ਹੈ ਕਿ ਤੁਰੰਤ ਸਫ਼ਾਈ ਮੁਹਿੰਮ ਚਲਾਈ ਜਾਵੇ, ਫੈਗਿੰਗ ਅਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਵਾਇਆ ਜਾਵੇ ਅਤੇ ਮੁਲਾਜ਼ਮਾਂ ਦੀ ਹੜਤਾਲ ਦਾ ਜਲਦ ਹੱਲ ਕਰਕੇ ਸ਼ਹਿਰ ਨੂੰ ਗੰਦਗੀ ਤੋਂ ਨਿਜਾਤ ਦਿਵਾਈ ਜਾਵੇ। ਲੋਕਾ ਨੇ ਕਿਹਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿਚ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਖੜੀਆਂ ਹੋ ਸਕਦੀਆਂ ਹਨ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।