- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਕੀਰਤ ਸਿੰਘ ਮਲੱਣ ਨੇ ਜਿੱਤਿਆ ਬਰੋਂਜ਼ ਮੈਡਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸਥਾਨਕ ਪੋਲੋ ਗਰਾਊਂਡ ਵਿਖੇ ਫੈਂਸਿੰਗ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਫ਼ਲਤਾਪੂਰਵਕ ਕਰਵਾਇਆ ਗਿਆ। ਇਹ ਮੁਕਾਬਲਾ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਭਰ ਦੇ ਉੱਭਰਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਟੂਰਨਾਮੈਂਟ ਦੌਰਾਨ ਅੰਡਰ-14 ਲੜਕਿਆਂ ਦੇ ਫੋਆਇਲ ਈਵੈਂਟ ਵਿਚ ਸਖ਼ਤ ਮੁਕਾਬਲੇ ਦੇਖਣ ਨੂੰ ਮਿਲੇ। ਇਸ ਸ਼੍ਰੇਣੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਨਕੀਰਤ ਸਿੰਘ ਮਲੱਣ ਸਪੁੱਤਰ ਮਨਪ੍ਰੀਤ ਸਿੰਘ ਨੇ ਬਰੋਂਜ਼ ਮੈਡਲ ਜਿੱਤ ਕੇ ਜ਼ਿਲ੍ਹੇ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਨਿਭਾਈ ਗਈ। ਮਹਿਤਾ ਨੇ ਮਨਕੀਰਤ ਸਿੰਘ ਮਲੱਣ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ। ਅਧਿਕਾਰੀਆਂ ਸਮੇਤ ਨਵਦੀਪ ਕੌਰ, ਅਰਜੁਨ, ਦੀਪਕ ਸੋਨੀ, ਮਮਤਾ ਰਾਣੀ, ਸੁਰਿੰਦਰ ਸਿੰਘ ਅਤੇ ਹੋਰ ਕੋਚ ਸਾਹਿਬਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੂਹ ਕੋਚਾਂ ਨੇ ਜੇਤੂ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ।