- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਰਣਜੋਧ ਹਡਾਣਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਿੰਡਾਂ ਦੇ ਉੱਚ ਵਿਕਾਸ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਗਰ ਪੰਚਾਇਤ ਦੇਵੀਗਡ਼੍ਹ ਵਿਖੇ ਵਿਕਾਸ ਕਾਰਜਾਂ ਦੀ ਲਡ਼ੀ ਨੂੰ ਅੱਗੇ ਤੋਰਦਿਆਂ ਸ਼ਿਵ ਮੰਦਰ ਤੋਂ ਸ਼ਾਸਤਰੀ ਦੇ ਘਰ ਤੱਕ ਓ.ਡੀ.ਐੱਫ. ਫੰਡ ਅਧੀਨ ਬਣਨ ਵਾਲੀ ਅਹਿਮ ਸਡ਼ਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗਡ਼੍ਹ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗਡ਼੍ਹ, ਕਾਰਜ ਸਾਧਕ ਅਫ਼ਸਰ (ਈ.ਓ.) ਲਖਬੀਰ ਸਿੰਘ ਅਤੇ ਹੋਰ ਆਪ ਆਗੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਦੇਵੀਗਡ਼੍ਹ ਦੇ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਸ ਸਡ਼ਕ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਆਵਾਜਾਈ ’ਚ ਵੱਡੀ ਸੁਵਿਧਾ ਮਿਲੇਗੀ। ਹਡਾਣਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਦੀ ਮਿਆਰੀ ਗੁਣਵੱਤਾ ਯਕੀਨੀ ਬਣਾਈ ਜਾਵੇ ਅਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸ ਦੌਰਾਨ ਨਗਰ ਪੰਚਾਇਤ ਪ੍ਰਧਾਨ ਸ਼ਵਿੰਦਰ ਕੌਰ ਧੰਜੂ ਅਤੇ ਮਾਰਕੀਟ ਕਮੇਟੀ ਦੁਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਨਗਰ ਪੰਚਾਇਤ ਦੇ ਸਮੂਹ ਕੌਂਸਲਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।