ਰਾਕੇਸ਼ ਸ਼ਰਮਾ, ਭੁਨਰਹੇੜੀ

ਬੀਡੀਪੀਓ ਦਫ਼ਤਰ ਭੁਨਰਹੇੜੀ ਤਹਿਤ ਪੈਂਦੇ ਨਰੇਗਾ ਵਿਭਾਗ ਦੇ ਕਰਮਚਾਰੀਆਂ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਧਰਨੇ ਦੌਰਾਨ ਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਸੰਦੀਪ ਸਰਮਾ ਨੇ ਦੱਸਿਆ ਕਿ ਸਾਲ 2007-08 ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅੰਦਰ ਡਿਊਟੀ ਕਰ ਰਹੇ ਹਨ, ਸਾਰੇ 1539 ਨਰੇਗਾ ਮੁਲਾਜਮਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਸਮੇਂ-ਸਮੇਂ ਤੇ ਰੈਗੂਲਰ ਮੁਲਾਜਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ ਪਰ ਸਰਕਾਰ ਰੈਗੂਲਰ ਕਰਨ ਦੀ ਮੰਗ 'ਤੇ ਲਾਰੇ ਲਾ ਕੇ ਵਕਤ ਟਪਾ ਰਹੀ ਹੈ ਤੇ ਨਾ ਤਾਂ ਨਰੇਗਾ ਮੁਲਾਜਮਾਂ ਦਾ ਈਪੀਐਫ਼ ਕੱਟਿਆ ਜਾ ਰਿਹਾ ਹੈ ਤੇ ਨਾ ਹੀ ਸਰਵਿਸ ਰਿਕਾਰਡ ਰੱਖਿਆ ਜਾਂਦਾ ਹੈ, ਨਾ ਤਨਖਾਹਾਂ ਦਾ ਕੋਈ ਬਜਟ ਰੱਖਿਆ ਜਾਂਦਾ ਹੈ ਜਿਸ ਕਾਰਨ ਮੁਲਾਜ਼ਮਾਂ ਦਾ ਭਵਿੱਖ ਖਤਰੇ ਵਿਚ ਹੈ।

ਉਪਰੋਕਤ ਵਿਭਾਗ ਨੇ ਮੰਗਾਂ ਤਾਂ ਪਿਛਲੇ ਡੇਢ ਸਾਲ ਤੋਂ ਪ੍ਰਵਾਨ ਕਰ ਲਈਆਂ ਗਈਆਂ ਸਨ ਪਰ ਅਗਸਤ ਦੀ ਸੂਬਾਈ ਮੀਟਿੰਗ ਵਿਚ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਦੂਜੇ ਦਿਨ ਨਰੇਗਾ ਦੇ ਹਰ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰ ਕੇ 16, 17, 18 ਸਤੰਬਰ ਨੂੰ ਬਲਾਕ ਪੱਧਰ ਤੇ ਧਰਨੇ ਦੇਣ ਤੋਂ ਬਾਅਦ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਉਨ੍ਹਾਂ ਨਰੇਗਾ ਮੁਲਾਜ਼ਮ ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਚਾਰਾਂ ਹਲਕਿਆਂ ਵਿਚ ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲ੍ਹਣਗੇ ਜੇ ਫੇਰ ਵੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ ਜੋ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਵਿਚ ਤਬਦੀਲ ਹੋ ਸਕਦਾ ਹੈ।