ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ’ਚ ਪੈਦਲ ਮਾਰਚ ਕੱਢਣ ਦਾ ਫੈਸਲਾ
ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ’ਚ ਪੈਦਲ ਮਾਰਚ ਕੱਢਣ ਦਾ ਫੈਸਲਾ
Publish Date: Thu, 08 Jan 2026 05:48 PM (IST)
Updated Date: Thu, 08 Jan 2026 05:51 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਸ਼ੁਰੂ ਕੀਤੀ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਤਹਿਤ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਐੱਸਡੀਐਮ ਪਾਤੜਾਂ ਵੱਲੋਂ ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਸਰਪੰਚਾਂ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਲਾਮਬੰਦ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸਡੀਐੱਮ ਅਸ਼ੋਕ ਕੁਮਾਰ ਨੇ ਕਿਹਾ ਕਿ ਸੂਬੇ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਲੜਾਈ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਪਿੰਡ ਪੱਧਰ ਤੇ ਲੋਕ ਜਾਗਰੂਕ ਹੋ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਸਬ-ਡਵੀਜ਼ਨ ਦੇ ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ 30 ਵਾਰਡਾਂ ਅਤੇ 92 ਪਿੰਡਾਂ ਵਿਚ ਪੈਦਲ ਮਾਰਚ ਕੱਢਿਆ ਜਾਵੇਗਾ। ਇਨ੍ਹਾਂ ਪੈਦਲ ਮਾਰਚਾਂ ਰਾਹੀਂ, ਜਨਤਾ ਨੂੰ ਨਸ਼ੇ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਬੀਡੀਪੀਓ ਪਾਤੜਾਂ ਬਘੇਲ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰ ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਨੇ ਕਿਹਾ ਕਿ ਪਿੰਡਾਂ ਦੇ ਸਰਪੰਚ ਅਤੇ ਪੰਚਾਇਤਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੇ ਨੇੜਿਓਂ ਨਜ਼ਰ ਰੱਖਣ ਲਈ ਪਿੰਡ ਦੇ ਚੌਕੀਦਾਰ ਵਜੋਂ ਕੰਮ ਕਰਨਗੇ, ਅਤੇ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਪ੍ਰਸ਼ਾਸਨ ਨੂੰ ਰਿਪੋਰਟ ਕੀਤੀ ਜਾਵੇਗੀ। ਇਸ ਦੌਰਾਨ ਸਰਪੰਚਾਂ ਨੇ ਇਹ ਭਰੋਸਾ ਦਿੱਤਾ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਇਸ ਮੁਹਿੰਮ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰਨਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ।