ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ’ਚ ਸਮਾਗਮ 16 ਨੂੰ ਮਰੀਜ਼ ਮਿੱਤਰਾ ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਸਮਾਗਮ
Publish Date: Sat, 10 Oct 2026 06:28 PM (IST)
Updated Date: Sat, 10 Oct 2026 06:29 PM (IST)
ਫੋਟੋ 10ਪੀਟੀਐਲ: 25: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਰੀਜ਼ ਮਿੱਤਰਾ ਵੈਲਫੇਅਰ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਮੌਕੇ 16 ਨਵੰਬਰ 2026 ਨੂੰ ਚੌਥਾ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਅਤੇ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਇਸ ਸਬੰਧੀ ਸੰਸਥਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਮੁੱਖ ਦਫ਼ਤਰ ਸਨੌਰੀ ਅੱਡਾ, ਪਟਿਆਲਾ ਵਿਖੇ ਹੋਈ, ਜਿਸ ਵਿੱਚ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਸੰਸਥਾ ਦੇ ਅਹੁਦੇਦਾਰਾਂ ਅਨੁਸਾਰ, ਸਮਾਗਮ ਦੌਰਾਨ 111 ਮਹਾਨ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਖੂਨਦਾਨੀ, ਪਲੇਟਲੈਟ ਸੈੱਲ ਦਾਨੀ, ਕੈਂਸਰ ਮਰੀਜ਼ਾਂ ਲਈ ਵਾਲ ਦਾਨ ਕਰਨ ਵਾਲੇ, ਪਸ਼ੂ ਅਧਿਕਾਰ ਕਾਰਕੁਨ, ਪਸ਼ੂਆਂ ਨੂੰ ਚਾਰਾ ਪਾਉਣ ਵਾਲੇ ਅਤੇ ਜ਼ਮੀਨੀ ਪੱਧਰ ’ਤੇ ਲੋਕ ਸੇਵਾ ਕਰ ਰਹੀਆਂ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਮੌਕੇ ਪਟਿਆਲਾ ਸ਼ਹਿਰ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ। ਇਹ ਐਂਬੂਲੈਂਸ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਤਾਇਨਾਤ ਕੀਤੀ ਜਾਵੇਗੀ, ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਹੂਲਤ ਮਿਲ ਸਕੇ। ਮੀਟਿੰਗ ਵਿਚ ਸੰਸਥਾ ਦੇ ਪ੍ਰਧਾਨ ਗੁਰਮੁੱਖ ਗੁਰੂ, ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਚਹਿਲ, ਜਗਦੀਸ਼ ਰਾਏ, ਦੀਪਤੀ ਮਹਾਜਨ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਅਤੇ ਮੁੱਖ ਸਲਾਹਕਾਰ ਹਰਮਨਦੀਪ ਸਿੰਘ ਨਿਰਮਾਣ ਹਾਜ਼ਰ ਸਨ।