ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਵੱਲੋਂ ਵਿਸ਼ਾਲ ਧਰਨਾ ਤੇ ਰੋਸ ਮਾਰਚ ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਵੱਲੋਂ ਵਿਸ਼ਾਲ ਧਰਨਾ ਅਤੇ ਰੋਸ ਮਾਰਚ
Publish Date: Thu, 22 Oct 2026 04:41 PM (IST)
Updated Date: Thu, 22 Oct 2026 04:42 PM (IST)
ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ ਪਟਿਆਲਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫੀਆਂ ਦੇ ਵਿਰੋਧ ਵਿੱਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਅੱਜ ਦੂਜੇ ਦਿਨ ਵੀ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੇਰਕਾ ਬੂਥ ਕੋਲ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਮੇਨ ਲਾਈਟਾਂ ਵਾਲੇ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਸੁਖਵਿੰਦਰ ਸਿੰਘ ਸੈਣੀ, ਖੁਸ਼ਵਿੰਦਰ ਕਪਿਲਾ, ਜਸਵਿੰਦਰ ਸਿੰਘ ਸੋਜਾ, ਗੁਰਮੇਲ ਸਿੰਘ ਵਿਰਕ, ਜਸਵੀਰ ਸਿੰਘ ਖੋਖਰ, ਹਰੀ ਸਿੰਘ ਟੋਹੜਾ, ਗੁਰਦੀਪ ਸਿੰਘ ਵਾਲੀਆ, ਮਾ. ਪਰਮਜੀਤ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਨਾ ਕਰਨਾ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ’ਤੇ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣਾ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤੇ ਜਾਣਾ, ਏਸੀਪੀ ਸਕੀਮ ਬਹਾਲ ਨਾ ਕੀਤੇ ਜਾਣਾ, 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ, ਪਰਖ ਕਾਲ ਦੌਰਾਨ ਪੂਰੀ ਤਨਖਾਹ ਨਾ ਦਿੱਤੇ ਜਾਣਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸੰਮਿਲਤ ਨਾ ਕੀਤੇ ਜਾਣਾ, 16 ਮਈ 2023 ਦੀ ਪਾਲਿਸੀ ਰੱਦ ਕਰਕੇ ਸਪੈਸ਼ਲ ਕਾਡਰ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ਼ ਅਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ ਅਤੇ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ। ਤਾਲਮੇਲ ਕਮੇਟੀ ਦੇ ਆਗੂਆਂ ਸੰਤ ਰਾਮ ਚੀਮਾ, ਨਾਹਰ ਸਿੰਘ, ਗੁਰਪ੍ਰੀਤ ਪਨੇਸਰ, ਰਵਿੰਦਰ ਸ਼ਰਮਾ, ਦਰਸ਼ਨ ਸਿੰਘ, ਰਘਬੀਰ ਸਿੰਘ ਰਾਜਪਾਲ ਸਿੰਘ ਲਸੋਈ, ਪ੍ਰੇਮ ਕੁਮਾਰ ਪੰਜੋਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ 8% ਮਹਿੰਗਾਈ ਭੱਤਾ ਲਾਗੂ ਕਰ ਕੇ ਇਸ ਤਰ੍ਹਾਂ ਦਾ ਬਿਰਤਾਂਤ ਸਿਰਜ ਰਹੀ ਹੈ ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹੋਣ। ਆਗੂਆਂ ਨੇ ਕਿਹਾ ਕਿ ਤਾਲਮੇਲ ਕਮੇਟੀ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ, ਮੋਹਣ ਸਿੰਘ ਸਮਾਣਾ, ਕ੍ਰਿਸ਼ਨ ਦੇਵ, ਰਾਮ ਚੰਦ ਧਾਮੋਮਾਜਰਾ, ਅਮਿਤ ਕੁਮਾਰ, ਲਖਬੀਰ ਸਿੰਘ, ਭੁਪਿੰਦਰ ਕੁਮਾਰ ਕੱਕੜ, ਸਤਪਾਲ ਖਾਨਪੁਰ ਆਦਿ ਨੇ ਵੀ ਸੰਬੋਧਨ ਕੀਤਾ। ਜਮਹੂਰੀ ਕਿਸਾਨ ਸਭਾ ਵੱਲੋਂ ਦਰਸ਼ਨ ਬੇਲੂਮਾਜਰਾ ਆਦਿ ਨੇ ਵੀ ਇਸ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ।