ਸਿਹਤਮੰਦ ਜੀਵਨ ਸ਼ੈਲੀ ਲਈ ਮੋਟੇ ਅਨਾਜ ਦੀ ਕਰੋ ਵਰਤੋਂ : ਮੇਅਰ
ਸਿਹਤਮੰਦ ਜੀਵਨ ਸ਼ੈਲੀ ਲਈ ਮੋਟੇ ਅਨਾਜ ਦੀ ਵਰਤੋਂ ਸਮੇਂ ਦੀ ਮੁੱਖ ਲੋੜ: ਮੇਅਰ ਕੁੰਦਨ ਗੋਗੀਆ
Publish Date: Sat, 11 Apr 2026 06:56 PM (IST)
Updated Date: Sat, 11 Apr 2026 06:59 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਮੂਲ ਅਨਾਜ (ਮਿਲੇਟਸ) ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫੂਡ ਅਤੇ ਡਰੱਗਜ਼ ਐਡਮਿਨਿਸਟ੍ਰੇਸ਼ਨ, ਪੰਜਾਬ ਵੱਲੋਂ ਸਥਾਨਕ ਬਹਾਵਲਪੁਰ ਪੈਲੇਸ ਵਿਖੇ ਈਟ-ਰਾਈਟ ਮਿਲੇਟ ਮੇਲਾ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦਾ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸ਼ੁੱਧ ਖਾਣਾ ਉਪਲੱਬਧ ਕਰਵਾਉਣ ਲਈ ਦ੍ਰਿੜ ਸੰਕਲਪ ਹੈ। ਮੇਅਰ ਕੁੰਦਨ ਗੋਗੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਬਿਮਾਰੀਆਂ ਤੋਂ ਬਚਣ ਲਈ ਮੂਲ ਅਨਾਜ (ਮਿਲੇਟਸ) ਜਿਵੇਂ ਬਾਜਰਾ, ਜੁਆਰ ਅਤੇ ਕੋਧਰਾ ਆਦਿ ਨੂੰ ਰੋਜ਼ਾਨਾ ਖ਼ੁਰਾਕ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਹ ਉਪਰਾਲੇ ਆਉਣ ਵਾਲੀ ਪੀੜ੍ਹੀ ਨੂੰ ਤੰਦਰੁਸਤ ਰੱਖਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖ਼ੁਰਾਕ ਵਿੱਚ ਮੋਟੇ ਅਨਾਜ ਨੂੰ ਪਹਿਲ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਮਿਲਾਵਟਖੋਰੀ ਹੁੰਦੀ ਹੈ, ਤਾਂ ਉਹ ਹੈਲਪਲਾਈਨ ਨੰਬਰ 94644-94180 ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਮੌਕੇ ਕਮਿਸ਼ਨਰ ਫੂਡ ਐਂਡ ਐਡਮਨਿਸਟ੍ਰੇਸ਼ਨ (ਪੰਜਾਬ) ਕੰਵਲਪ੍ਰੀਤ ਬਰਾੜ (ਆਈਏਐਸ), ਐਸ.ਡੀ.ਐਮ. ਗੁਰਦੇਵ ਸਿੰਘ ਧੰਮ, ਜੁਆਇੰਟ ਕਮਿਸ਼ਨਰ ਫੂਡ ਡਾ. ਅਮਿਤ ਜੋਸ਼ੀ, ਡੀ.ਐਚ.ਓ. ਕਮ ਨੋਡਲ ਅਫ਼ਸਰ ਫੂਡ ਡਾ. ਗੁਰਪ੍ਰੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਐਮ.ਸੀ. ਗੁਰਜੀਤ ਸਾਹਨੀ ਅਤੇ ਸਮਾਜ ਸੇਵੀ ਉਪਕਾਰ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।