ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ
ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ
Publish Date: Sun, 29 Mar 2026 04:43 PM (IST)
Updated Date: Mon, 30 Mar 2026 04:03 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨਿਭਾਅ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਐਤਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਸੂਬਾ ਭਰ ਤੋਂ ਇਕੱਠੇ ਹੋਏ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਸੂਬੇ ਦੀ ਸਰਕਾਰ ਤੇ ਵਾਅਦਾ ਖ਼ਿਲਾਫ਼ ਦੇ ਇਲਜ਼ਾਮ ਲਾਏ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ‘ਆਪ’ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ, ਉਨ੍ਹਾਂ ਨੂੰ ਪੂਰੀ ਤਰ੍ਹਾਂ ਅਣਦੇਖਾ ਕਰ ਦਿੱਤਾ ਗਿਆ। ਐਸੋਸੀਏਸ਼ਨ ਦੇ ਸੂਬਾਈ ਪ੍ਰੈਸ ਅਤੇ ਮੀਡੀਆ ਇੰਚਾਰਜ ਡਾ. ਮਿੱਠੂ ਮੁਹੰਮਦ ਨੇ ਦਾਅਵਾ ਕੀਤਾ ਕਿ ਪ੍ਰੈਕਟੀਸ਼ਨਰਜ਼ ਨੇ ਮੌਜੂਦਾ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਵਿੱਚ ਯੋਗਦਾਨ ਪਾਇਆ ਸੀ, ਪਰ ਹੁਣ ਮੈਡੀਕਲ ਪ੍ਰੈਕਟੀਸ਼ਨਰਜ਼ ਆਪਣੇ ਨਾਲ ਹੋਇਆ ਧੋਖਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਸਿਰਫ਼ 'ਕਾਨੂੰਨੀ ਰਜਿਸਟ੍ਰੇਸ਼ਨ' ਲਈ ਹੈ।
ਡਾਕਟਰ ਕਾਲਖ ਨੇ ਖੁਲਾਸਾ ਕੀਤਾ ਕਿ ਇਸ ਸਬੰਧ ਵਿੱਚ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਨੇ ਸਰਕਾਰ ਨੂੰ ਕੇਰਲਾ, ਕਰਨਾਟਕ, ਆਂਧਰਾ ਪ੍ਰਦੇਸ਼, ਬਿਹਾਰ ਅਤੇ ਤਾਮਿਲਨਾਡੂ ਦੁਆਰਾ ਅਪਣਾਏ ਗਏ ਮਾਡਲ ਵੀ ਪੇਸ਼ ਕੀਤੇ। ਜਿੱਥੇ ਅਜਿਹਾ ਸਿਸਟਮ ਪਹਿਲਾਂ ਹੀ ਮੌਜੂਦ ਹੈ ,ਪਰੰਤੂ ਪੰਜਾਬ ਸਰਕਾਰ ਅਜੇ ਵੀ ਟਾਲ-ਮਟੋਲ ਕਰ ਰਹੀ ਹੈ। ਐਸੋਸੀਏਸ਼ਨ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਹੀਂ ਕੀਤਾ ਗਿਆ, ਤਾਂ ਉਨ੍ਹਾਂ ਦਾ ਅੰਦੋਲਨ ਹੋਰ ਤੇਜ਼ ਹੋ ਜਾਵੇਗਾ। ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਹੈ, ਜਿੱਥੇ ਉਹ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ ਲਈ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕਰਨ ਦਾ ਇਰਾਦਾ ਰੱਖਦੇ ਹਨ। ਇਸ ਮੌਕੇ ਡਾ. ਸਰਾਜ, ਡਾ. ਕੁਲਵਿੰਦਰ ਸਿੰਘ ਗਿੱਲ ਹਾਜ਼ਰ ਸਨ।