ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਦੀ ਚੋਣ ਲਈ ਬੁਲਾਈ ਮੀਟਿੰਗ ਮੁਲਤਵੀ
ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਦੀ ਚੋਣ ਲਈ ਬੁਲਾਈ ਮੀਟਿੰਗ ਮੁਲਤਵੀ
Publish Date: Tue, 23 Jun 2026 05:14 PM (IST)
Updated Date: Wed, 24 Jun 2026 04:04 AM (IST)

ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰ ਰਹੇ ਗੈਰਹਾਜ਼ਰ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਬੁਲਾਈ ਗਈ ਵਿਸ਼ੇਸ਼ ਮੀਟਿੰਗ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ। ਮੀਟਿੰਗ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਵਿੱਚ ਪਿਛਲੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਅਤੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਆਪਣੀਆਂ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਸਨ। ਨਗਰ ਕੌਂਸਲ ਦਫ਼ਤਰ ਵਿਖੇ ਹੋਣ ਵਾਲੀ ਇਸ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਤ ਸਾਰੇ 7 ਕੌਂਸਲਰ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਹਾਜ਼ਰ ਹੋਣ ਵਾਲੇ ਕੌਂਸਲਰਾਂ ਵਿੱਚ ਵਾਰਡ ਨੰਬਰ 1 ਤੋਂ ਐਡਵੋਕੇਟ ਅਮਰਪਾਲ ਸਿੰਘ ਤੂਰ, ਵਾਰਡ ਨੰਬਰ 3 ਤੋਂ ਜਗਤਾਰ ਸਿੰਘ ਚਹਿਲ, ਵਾਰਡ ਨੰਬਰ 6 ਤੋਂ ਰਜਨੀ ਸ਼ਰਮਾ, ਵਾਰਡ ਨੰਬਰ 8 ਤੋਂ ਗੁਰਤੇਜ ਕੌਰ ਪਤਨੀ ਗੁਰਪ੍ਰੀਤ ਸਿੰਘ ਕੰਧੋਲਾ, ਵਾਰਡ ਨੰਬਰ 9 ਤੋਂ ਬਲਕਾਰ ਸਿੰਘ, ਵਾਰਡ ਨੰਬਰ 11 ਤੋਂ ਹਰਪ੍ਰੀਤ ਸਿੰਘ ਬਾਜਵਾ ਅਤੇ ਵਾਰਡ ਨੰਬਰ 15 ਤੋਂ ਕਰਮਜੀਤ ਕੌਰ ਸ਼ਾਮਲ ਸਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਨਾਲ ਸਬੰਧਤ ਸਾਰੇ 7 ਕੌਂਸਲਰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਂਸਲਰ ਸੁਖਜਿੰਦਰ ਸਿੰਘ ਰੀਟੂ ਚਹਿਲ ਵੀ ਮੀਟਿੰਗ ਵਿੱਚ ਨਹੀਂ ਪਹੁੰਚੇ। ਆਮ ਆਦਮੀ ਪਾਰਟੀ ਦੇ ਕੌਂਸਲਰਾਂ ਅਤੇ ਅਕਾਲੀ ਦਲ ਦੇ ਕੌਂਸਲਰ ਦੀ ਗੈਰਹਾਜ਼ਰੀ ਮੀਟਿੰਗ ਦੌਰਾਨ ਚਰਚਾ ਦਾ ਮੁੱਖ ਵਿਸ਼ਾ ਬਣੀ ਰਹੀ। ਮੀਟਿੰਗ ਮੁਲਤਵੀ ਹੋਣ ਕਾਰਨ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਅੱਗੇ ਨਹੀਂ ਵੱਧ ਸਕੀ। ਇਸ ਘਟਨਾਕ੍ਰਮ ਤੋਂ ਬਾਅਦ ਸ਼ਹਿਰ ਵਿੱਚ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ ਅਤੇ ਲੋਕਾਂ ਵਿੱਚ ਇਹ ਜਾਣਨ ਦੀ ਉਤਸੁਕਤਾ ਵੱਧ ਗਈ ਹੈ ਕਿ ਆਖਿਰ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਕੁਰਸੀ ਕਿਸ ਦੇ ਹਿੱਸੇ ਆਵੇਗੀ। ਸੂਤਰਾਂ ਅਨੁਸਾਰ ਨਗਰ ਕੌਂਸਲ ਵਿੱਚ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਿਆਸੀ ਸਮੀਕਰਨ ਲਗਾਤਾਰ ਬਦਲ ਰਹੇ ਹਨ। ਵੱਖ-ਵੱਖ ਧਿਰਾਂ ਵੱਲੋਂ ਆਪਣੇ ਹੱਕ ਵਿੱਚ ਬਹੁਮਤ ਇਕੱਠਾ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕਾਰਨ ਇਹ ਚੋਣ ਸ਼ਹਿਰ ਦੀ ਸਿਆਸਤ ਦਾ ਸਭ ਤੋਂ ਚਰਚਿਤ ਵਿਸ਼ਾ ਬਣੀ ਹੋਈ ਹੈ। ਮੀਟਿੰਗ ਮੁਲਤਵੀ ਹੋਣ ਕਾਰਨ ਹੁਣ ਨਵੀਂ ਤਾਰੀਖ ਦੀ ਉਡੀਕ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਦੋਂ ਹੋਵੇਗੀ, ਇਸ ਸਬੰਧੀ ਅਧਿਕਾਰਤ ਐਲਾਨ ਦੀ ਉਡੀਕ ਹੈ। ਫਿਲਹਾਲ ਅੱਜ ਦੀ ਮੀਟਿੰਗ ਵਿੱਚ ਕਾਂਗਰਸ ਦੇ ਸਾਰੇ ਕੌਂਸਲਰਾਂ ਦੀ ਹਾਜ਼ਰੀ ਅਤੇ ਹੋਰ ਧਿਰਾਂ ਦੇ ਕੌਂਸਲਰਾਂ ਦੀ ਗੈਰਹਾਜ਼ਰੀ ਨੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ। ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਹੁਣ ਆਉਣ ਵਾਲੇ ਦਿਨਾਂ ਤੇ ਟਿਕੀਆਂ ਹੋਈਆਂ ਹਨ, ਜਦੋਂ ਨਗਰ ਕੌਂਸਲ ਭਵਾਨੀਗੜ੍ਹ ਨੂੰ ਆਪਣਾ ਨਵਾਂ ਪ੍ਰਧਾਨ ਅਤੇ ਮੀਤ ਪ੍ਰਧਾਨ ਮਿਲੇਗਾ। ਪ੍ਰਬੰਧਕੀ ਕਾਰਨਾਂ ਕਰਕੇ ਮੀਟਿੰਗ ਹੋਈ ਕੈਂਸਲ : ਈਓ ਉਧਰ ਦੂਜੇ ਪਾਸੇ ਜਦੋਂ ਮੀਟਿੰਗ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਦੀਪਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਪ੍ਰਬੰਧਕੀ ਕਾ ਕਰਕੇ ਮੀਟਿੰਗ ਕੈਂਸਲ ਕੀਤੀ ਗਈ ਹੈ।